ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਜਾਅਲੀ ਅੰਗਹੀਣ ਸਰਟੀਫਿਕੇਟ ਦੇ ਆਧਾਰ 'ਤੇ ਸਰਕਾਰੀ ਅਧਿਆਪਕ ਦੀ ਨੌਕਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਧੋਖਾਧੜੀ ਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਸ਼ਿਕਾਇਤਕਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਦੇ ਅਧਿਆਪਕ ਗੁਰਨਾਮ ਸਿੰਘ ਦੇ ਬਿਆਨਾਂ 'ਤੇ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸਰਕਾਰੀ ਸਕੂਲ ਆਫ਼ ਐਮੀਨੈਸ ਦੇ ਅਧਿਆਪਕ ਗੁਰਨਾਮ ਸਿੰਘ ਨੇ ਦੱਸਿਆ ਕਿ ਸੁਰੇਸ਼ ਕੁਮਾਰ ਪੁੱਤਰ ਸ਼ੰਕਰ ਲਾਲ ਵਾਸੀ ਮੰਡੀ ਲਾਧੂਕਾ ਥਾਣਾ ਸਦਰ ਫ਼ਾਜ਼ਿਲਕਾ ਵਲੋਂ ਅੰਗਹੀਣ ਸਰਟੀਫਿਕੇਟ ਯੂ.ਆਈ.ਡੀ ਨੰਬਰ ਪੀ.ਬੀ 2110619650159885, 15 ਮਈ 2023 ਨੂੰ ਜਾਅਲੀ ਬਣਾ ਕੇ ਆਪਣੇ ਵਿਭਾਗ ਦੇ ਅਧਿਕਾਰੀਆਂ ਦੇ ਸਾਹਮਣੇ ਪੇਸ਼ ਕਰਕੇ ਅੰਗਹੀਣ ਕੋਟੇ ਦੇ ਆਧਾਰ 'ਤੇ ਨੌਕਰੀ ਕਰਦਾ ਰਿਹਾ | ਉਨ੍ਹਾਂ ਨੇ ਦੱਸਿਆ ਕਿ 2 ਮਈ 2024 ਰਾਹੀਂ ਐਸ.ਐਮ.ਓ ਅਬੋਹਰ ਵਲੋਂ ਸਿਵਲ ਸਰਜਨ ਫ਼ਾਜ਼ਿਲਕਾ ਨੂੰ ਵੱਖ ਪੱਤਰ ਲਿਖ ਕੇ ਸੂਚਿਤ ਕੀਤਾ ਗਿਆ ਕਿ ਉਪਰੋਕਤ ਹੈਂਡੀਕੈਪਡ ਸਰਟੀਫਿਕੇਟ ਯੂ.ਆਈ.ਡੀ ਨੰਬਰ ਪੀ.ਬੀ 2110619650159885 ਉਨ੍ਹਾਂ ਵਲੋਂ ਜਾਰੀ ਨਹੀਂ ਕੀਤਾ ਗਿਆ | ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੁਰੇਸ਼ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |