ਫ਼ਿਰੋਜ਼ਪੁਰ, 21 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲ਼ੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ 'ਚ ਪਰਾਲੀ ਨੂੰ ਸੜਨ ਦੇ ਰੁਝਾਨ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਤਿਆਰੀਆਂ ਮੁਕੰਮਲ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਕੋਸ਼ਿਸ਼ਾਂ ਤਾਂ ਹੀ ਕਾਮਯਾਬ ਹੋ ਸਕਦੀਆਂ ਹਨ, ਜੇਕਰ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਰੀ ਦੀ ਸਹੀ ਤਰੀਕੇ ਨਾਲ ਮੈਪਿੰਗ ਕਰਵਾਈ ਜਾਵੇ ਤੇ ਪਰਾਲੀ ਨੂੰ ਵਰਤੋਂ 'ਚ ਲਿਆਉਣ ਵਾਲੀਆਂ ਇਕਾਈਆਂ ਵੀ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਹਰੇਕ ਪਿੰਡ ਤੇ ਬਲਾਕ ਪੱਧਰ 'ਤੇ ਕੈਂਪ ਲਗਾਏ ਜਾਣ ਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ ਤੱਕ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਪਰਾਲੀ ਸਾੜਣ ਦੇ ਰੁਝਾਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ | ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਧਿਕਾਰੀ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਲਈ 6852 ਸੀ.ਆਰ.ਐਮ. ਮਸ਼ੀਨਾਂ ਜਿਸ 'ਚ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਮਲਚਰ, ਬੇਲਰ ਆਦਿ ਮੁਹੱਈਆ ਕਰਵਾਏ ਗਏ ਹਨ ਤੇ ਇਸ ਤੋਂ ਇਲਾਵਾ ਹੋਰ ਵੀ ਮਸ਼ੀਨਾਂ ਦਿੱਤੀਆਂ ਜਾਣਗੀਆਂ | ਮੀਟਿੰਗ 'ਚ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ, ਐਸ.ਪੀ. ਮਨਜੀਤ ਸਿੰਘ ਸਮੇਤ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |