ਫ਼ਿਰੋਜ਼ਪੁਰ, 5 ਨਵੰਬਰ (ਰਾਕੇਸ਼ ਚਾਵਲਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰ ਸਿੰਘ ਵਾਲਾ ਦੀ ਅਗਵਾਈ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਚ ਹੋਈ | ਇਸ ਮੀਟਿੰਗ ਵਿਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਵੀ ਸ਼ਾਮਲ ਹੋਏ | ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਉੱਪਰ ਦਿੱਲੀ ਵਿਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਬਾ ਪੈੱ੍ਰਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਫਾਸ਼ੀਵਾਦੀ ਰਵੱਈਏ ਨੂੰ ਜਾਰੀ ਰੱਖਦਿਆਂ ਤਾਕਤਾਂ ਦਾ ਕੇਂਦਰੀਕਰਨ ਤੇਜ਼ ਕਰਦਿਆਂ ਪੰਜਾਬ ਦੇ ਹੱਕਾਂ ਉੱਪਰ ਲਗਾਤਾਰ ਡਾਕੇ ਮਾਰੇ ਜਾ ਰਹੇ ਹਨ | ਤਾਜ਼ਾ ਹਮਲਾ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜੋ ਕਿ ਪੰਜਾਬ ਦੀ ਸਿੱਖਿਆ ਅਤੇ ਸਭਿਆਚਾਰ ਦਾ ਹਿੱਸਾ ਹੈ, ਦੀ ਸੈਨੇਟ ਨੂੰ ਭੰਗ ਕਰਕੇ ਆਪਣੇ ਅਧੀਨ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ, ਜੋ ਕਿ ਸੂਬੇ ਦੇ ਅਧਿਕਾਰ ਖੋਹਣ ਵੱਲ ਵੱਡਾ ਕਦਮ ਹੈ | ਇਸ ਮੌਕੇ ਸੀਨੀਅਰ ਕਿਸਾਨ ਆਗੂ ਦਲਵਿੰਦਰ ਸਿੰਘ ਸ਼ੇਰਖਾਂ, ਰਣਜੀਤ ਸਿੰਘ ਝੋਕ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਜਸਬੀਰ ਸਿੰਘ ਮੱਲਵਾਲ, ਓਮ ਪ੍ਰਕਾਸ਼ ਲੱਖਾ ਹਾਜੀ, ਬਖਸ਼ੀਸ਼ ਸਿੰਘ ਬਾਰੇ ਕੇ, ਬੂਟਾ ਸਿੰਘ ਹਾਮਦ, ਅਮਰੀਕ ਸਿੰਘ ਮਹਿਮਾ, ਸਿਮਰਨਜੀਤ ਸਿੰਘ ਝੋਕ, ਰੇਸ਼ਮ ਸਿੰਘ ਹਜ਼ਾਰਾ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |