ਫ਼ਾਜ਼ਿਲਕਾ, 7 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਰੋਹਿਤ ਗੋਇਲ ਸਿਵਲ ਸਰਜਨ ਦੀ ਅਗਵਾਈ ਡਾ ਰਿੰਕੂ ਚਾਵਲਾ ਅਤੇ ਡਾ.ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖਰੇਖ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਵਿਚ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਸ਼ੁਰੂ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਇਸ ਹਫ਼ਤੇ ਦੌਰਾਨ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸ ਹਫ਼ਤੇ ਦੌਰਾਨ ਵਿਸ਼ੇਸ਼ ਤੌਰ ਤੇ ਰੁਟੀਨ ਟੀਕਾਕਰਨ ਤੋਂ ਛੁੱਟ ਗਏ ਏਰੀਏ, ਦਾਨਾ ਮੰਡੀਆਂ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖ਼ਾਲੀ ਸਿਹਤ ਸੈਂਟਰਾਂ ਜਿੱਥੇ 2 ਜਾਂ 3 ਨਿਯਮਿਤ ਟੀਕਾਕਰਨ ਸੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ | ਡਾ ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ਸਿਹਤ ਸਟਾਫ਼ ਦੀਆਂ ਟਰੇਨਿੰਗਾਂ ਅਤੇ ਮੀਟਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ | ਸਿਵਲ ਹਸਪਤਾਲ ਅਬੋਹਰ ਵਿਖੇ ਟਰੇਨਿੰਗ ਦੌਰਾਨ ਇਸ ਹਫ਼ਤੇ ਸਬੰਧੀ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਹਰੇਕ 5 ਸਾਲ ਤੱਕ ਦੇ ਬੱਚਿਆਂ ਜਾਂ ਗਰਭਵਤੀ ਮਾਂ ਦਾ ਟੀਕਾਕਰਨ ਸੰਪੂਰਨ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਗਰਭਵਤੀ ਮਾਂਵਾਂ ਨੂੰ ਟੈੱਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖ਼ਸਰਾ ਅਤੇ ਰੂਬੇਲਾ, ਦਿਮਾਗ਼ੀ ਬੁਖ਼ਾਰ, ਪੀਲੀਆ, ਕਾਲੀ ਖੰਘ, ਨਮੂਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ 12 ਮਾਰੂ ਬਿਮਾਰੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਵੈਕਸੀਨ ਦੇ ਰੱਖ ਰਖਾਅ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ | ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਅਤੇ ਮਨਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਜਾਂ ਆਪਣੇ ਨੇੜੇ ਦੇ ਘਰਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ | ਇਸ ਸਮੇਂ ਖੁਸ਼ਵੰਤ ਸਿੰਘ, ਸ਼ਵੇਤਾ ਨਾਗਪਾਲ ਕੰਪਿਊਟਰ ਅਸਿਸਟੈਂਟ, ਮਨੋਜ ਕੁਮਾਰ ਬੀ.ਐੱਸ.ਏ, ਰਾਜੇਸ਼ ਕੁਮਾਰ ਅਤੇ ਸਮੂਹ ਏ.ਐਨ.ਐਮ ਸਟਾਫ਼ ਹਾਜ਼ਰ ਸਨ |