ਫਿਰੋਜ਼ਪੁਰ,7 ਨਵੰਬਰ(ਸੁਖਵਿੰਦਰ ਸਿੰਘ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵਲੋਂ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਖੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਐੱਸ.ਡੀ.ਐਮ. ਫ਼ਿਰੋਜ਼ਪੁਰ ਗੁਰਦੇਵ ਸਿੰਘ ਧੰਮ੍ਹ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਪੀ.ਸੀ.ਐੱਸ.,ਐੱਸ.ਪੀ. ਮਨਜੀਤ ਸਿੰਘ ਵੀ ਹਾਜ਼ਰ ਸਨ | ਇਸ ਮੀਟਿੰਗ ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ ਨਾਲ- ਨਾਲ ਲੱਗਦੇ ਪਿੰਡਾਂ, ਸ਼ਹਿਰਾਂ ਵਿੱਚ ਰਹਿੰਦੇ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਸਮਾਜਿਕ,ਧਾਰਮਿਕ ਅਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸ੍ਰੀ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘੱਟ ਗਿਣਤੀ ਭਾਈਚਾਰੇ ਦੇ ਹਿਤਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਗੁਰੂਹਰਸਹਾਏ ਦੇ ਕਬਰਸਤਾਨ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀਆਂ ਸਮੱਸਿਆਵਾਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਚੇਅਰਮੈਨ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਹਰ ਪੱਧਰ 'ਤੇ ਬਰਾਬਰੀ ਦੇ ਅਧਿਕਾਰ ਮਿਲਣ 'ਤੇ ਉਨ੍ਹਾਂ ਦੀਆਂ ਸਮਾਜਿਕ ਤੇ ਧਾਰਮਿਕ ਜ਼ਰੂਰਤਾਂ ਦਾ ਸਮਾਨ ਹੋਣਾ ਪੰਜਾਬ ਸਰਕਾਰ ਦੀ ਪਹਿਲ ਹੈ | ਇਸ ਮੌਕੇ ਉਨ੍ਹਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਮੌਕੇ 'ਤੇ ਨਿਰਦੇਸ਼ ਦਿੱਤ | ਉਨ੍ਹਾਂ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਸਿੱਧਾ ਸਰਕਾਰੀ ਪੱਧਰ 'ਤੇ ਕਾਰਵਾਈ ਯਕੀਨੀ ਬਣਾਏਗਾ | ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਅਫ਼ਸਰ ਗੁਰਮੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ, ਜਗਦੀਸ਼ ਰਾਜ ਗਰਗ ਈ.ਓ.ਗੁਰੂਹਰਸਹਾਏ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ |