ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਪਿਛਲੇ ਕਰੀਬ ਤਿੰਨ ਸਾਲ ਤੋਂ ਖ਼ਸਤਾ ਹਾਲ ਫ਼ਿਰੋਜ਼ਪੁਰ-ਸ਼੍ਰੀ ਮੁਕਤਸਰ ਸਾਹਿਬ ਸੜਕ ਦੇ ਹਾਲਤ ਨੂੰ ਸੁਧਾਰਨ ਦੀ ਮੰਗ ਨੂੰ ਲੈ ਕੇ ਪਿੰਡ ਝੋਕ ਹਰੀ ਹਰ ਵਿਖੇ ਲੱਗਾ ਦਿਨ-ਰਾਤ ਦਾ ਧਰਨਾ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਸੁਸਤ ਕਾਰਗੁਜ਼ਾਰੀ ਕਰਕੇ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਦੇ ਦਿਲਾਂ ਵਿਚ ਰੋਸ ਤੇਜ਼ੀ ਨਾਲ ਵੱਧ ਰਿਹਾ ਹੈ | ਅੱਜ ਧਰਨੇ ਦੌਰਾਨ ਅਕਾਲੀ, ਕਾਂਗਰਸੀ ਅਤੇ ਭਾਜਪਾ ਦੇ ਆਗੂ ਇਕ ਮੰਚ 'ਤੇ ਨਜ਼ਰ ਆਏ | ਧਰਨੇ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ, ਹਲਕਾ ਦਿਹਾਤੀ ਕਾਂਗਰਸ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਭਾਜਪਾ ਆਗੂ ਸੁਰਿੰਦਰ ਪਾਲ ਸਿੰਘ ਸਿੱਧੂ ਐਡਵੋਕੇਟ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਨ੍ਹਾਂ ਆਗੂਆਂ ਨੇ ਧਰਨੇ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਲੋਕਾਂ ਦੀ ਇਹ ਜਾਇਜ਼ ਮੰਗ ਹੁਣ ਵੱਡੇ ਪੱਧਰ 'ਤੇ ਉਠਾਈ ਜਾਵੇਗੀ ਅਤੇ ਜ਼ਰੂਰਤ ਪਈ ਤਾਂ ਸੂਬਾ-ਪੱਧਰੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਪ੍ਰੇਸ਼ਾਨੀ ਪ੍ਰਤੀ ਲਾਪਰਵਾਹੀ ਰਵਈਏ ਕਰਕੇ ਅੱਜ ਪੰਜਾਬ ਦੇ ਹਾਲਾਤ ਨਰਕਾਂ ਵਰਗੇ ਹੋ ਚੁੱਕੇ ਹਨ | ਧਰਨੇ ਵਿਚ ਸ਼ਾਮਲ ਆਗੂਆਂ ਅਤੇ ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਅਤੇ ਠੇਕੇਦਾਰ ਵਲੋਂ ਸੜਕ ਦਾ ਕੰਮ ਤੁਰੰਤ ਸ਼ੁਰੂ ਨਾ ਕੀਤਾ ਗਿਆ ਤਾਂ ਇਹ ਧਰਨਾ ਹੋਰ ਤਿੱਖਾ ਕੀਤਾ ਜਾਵੇਗਾ | ਮੋਰਚੇ 'ਚ ਸ਼ਾਮਲ ਲੋਕਾਂ ਨੇ ਦੱਸਿਆ ਕਿ ਸੜਕ ਦੀ ਮਾੜੀ ਹਾਲਤ ਕਾਰਨ ਸਕੂਲੀ ਬੱਚਿਆਂ ਤੋਂ ਲੈ ਕੇ ਮਰੀਜ਼ਾਂ ਤੱਕ ਹਰ ਵਿਅਕਤੀ ਦੁਖੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਬੀਰ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਅਮਰੀਕ ਸਿੰਘ, ਜਗਸੀਰ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ ਪੰਚ, ਅਮਰੀਕ ਸਿੰਘ, ਮਲਕੀਤ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸਾਬਕਾ ਸਰਪੰਚ ਕਰੋੜਾਂ ਵਾਲਾ, ਸਰਬਜੀਤ ਸਿੰਘ ਭੁੱਲਰ ਧੀਰਾ ਪੱਤਰਾ, ਡਾ. ਪ੍ਰਗਟ ਸਿੰਘ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਇਲਾਕੇ ਦੇ ਆਗੂ ਅਤੇ ਮੋਹਤਬਰ ਵਿਅਕਤੀ ਮੌਜੂਦ ਸਨ ਨੇ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸਾਰੇ ਗਏ ਇਸ ਧਰਨੇ ਦੇ ਕੱਲ੍ਹ ਵੀ ਜਾਰੀ ਰਹਿਣ ਦੀ ਪੂਰੀ ਸੰਭਾਵਨਾ ਹੈ |