ਫਿਰੋਜ਼ਪੁਰ, 18 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਤਿੰਨ ਸਾਲ ਪਹਿਲਾਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਅਜੇ ਤੱਕ ਮੁਲਾਜ਼ਮਾਂ ਲਈ ਕੁਝ ਨਹੀਂ ਕਰ ਸਕਿਆ | ਜਿਸ ਕਾਰਨ ਪੰਜਾਬ ਦੇ ਸਮੁੱਚੇ ਸਰਕਾਰੀ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਰੋਸ ਨੂੰ ਲੈ ਕੇ ਸੀ.ਪੀ.ਐਫ.ਕਰਮਚਾਰੀ ਯੂਨੀਅਨ ਵਲੋਂ ਅੱਜ ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਤਿੰਨ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਸਬੰਧੀ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਜ਼ਾਹਿਰ ਕੀਤਾ ਗਿਆ | ਇਸ ਰੋਸ ਮੁਜ਼ਾਹਰੇ ਵਿਚ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਭਾਗ ਲਿਆ | ਇਸ ਮੌਕੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ, ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ, ਸੰਦੀਪ ਸਿੰਘ ਦਿਉਲ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਫਿਰੋਜ਼ਪੁਰ, ਹਰਮੀਤ ਸਿੰਘ ਮੱਲ੍ਹੀ ਪ੍ਰਧਾਨ ਫੂਡ ਸਪਲਾਈ ਵਿਭਾਗ, ਚਰਨਜੀਤ ਸਿੰਘ ਸਿਹਤ ਵਿਭਾਗ, ਗੋਵਿੰਦ ਮੁਟਨੇਜਾ ਫੂਡ ਸਪਲਾਈ, ਮਨੀਸ਼ ਕੁਮਾਰ ਅਤੇ ਹਰਪ੍ਰੀਤ ਦੁੱਗਲ ਜ਼ਿਲ੍ਹਾ ਖਜ਼ਾਨਾ ਦਫਤਰ, ਅਮਰਨਾਥ ਸਿੱਖਿਆ ਵਿਭਾਗ ਨੇ ਸੰਬੋਧਨ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਦੇ ਐਲਾਨ ਨੂੰ ਅਗਲੀ ਰੂਪ ਦਿੰਦੇ ਹੋਏ ਇਸ ਨੂੰ ਜਲਦੀ ਤੋ ਜਲਦੀ ਲਾਗੂ ਕੀਤਾ ਜਾਵੇ | ਇਸ ਮੌਕੇ ਉਕਤ ਆਗੂਆਂ ਨੇ ਨੈਸ਼ਨਲ ਮੂਵਮੈਂਟ ਆਫ਼ ਓਲਡ ਪੈਨਸ਼ਨ ਵਲੋਂ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਰਾਮ ਲੀਲਾ ਗਰਾਊਡ ਵਿਚ 25 ਨਵੰਬਰ ਨੂੰ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਵਿਚ ਜ਼ਿਲ੍ਹਾ ਫਿਰੋਜ਼ਪੁਰ ਤੋ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੂੰ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਗਿਆ |