ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਸਿਵਲ ਹਸਪਤਾਲ ਫ਼ਿਰੋਜ਼ਪੁਰ ਵਲੋਂ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਵਿਖੇ ਵਿਸ਼ੇਸ਼ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਤੋਂ ਅੱਖਾਂ ਦੇ ਸਰਜਨ ਡਾ. ਦੀਕਸ਼ਤ ਸਿੰਗਲਾ ਵਿਸ਼ੇਸ਼ ਤੌਰ 'ਤੇ ਆਪਣੀ ਟੀਮ ਨਾਲ ਅੱਖਾਂ ਦੀ ਜਾਂਚ ਕਰਨ ਲਈ ਪਹੁੰਚੇ | ਉਨ੍ਹਾਂ ਸਕੂਲ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ | ਜਾਂਚ ਦੌਰਾਨ ਅੱਖਾਂ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਨੂੰ ਮੌਕੇ 'ਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਡਾ. ਸਿੰਗਲਾ ਨੇ ਲਗਭਗ 205 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ 26 ਵਿਦਿਆਰਥੀਆਂ ਦੀ ਅੱਖਾਂ ਦੀ ਨਜ਼ਰ ਘੱਟ ਪਾਈ ਗਈ | ਜਿਨ੍ਹਾਂ ਵਿਚੋਂ ਇਕ ਬੱਚੇ ਨੂੰ ਸਿਵਲ ਹਸਪਤਾਲ ਰੈਫ਼ਰ ਵੀ ਕੀਤਾ ਗਿਆ | ਡਾ. ਸਿੰਗਲਾ ਨੇ ਵਿਦਿਆਰਥੀਆਂ ਨੂੰ ਅੱਖਾਂ ਦੀ ਸਾਂਭ ਸੰਭਾਲ ਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ 'ਚ ਦਰਦ, ਅੱਖਾਂ ਵਿਚ ਖ਼ਾਰਸ਼ ਹੋਣਾ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ-ਵਾਰ ਬਦਲਣਾ, ਨਜ਼ਰ ਦੇ ਖੇਤਰ ਦਾ ਸੀਮਤ ਹੋਣਾ ਆਦਿ ਜੇਕਰ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਇਲਾਜ ਸਫਲ ਤਰੀਕੇ ਨਾਲ ਕੀਤਾ ਜਾ ਸਕਦਾ ਹੈ, ਅੱਖਾਂ ਦੀ ਰੌਸ਼ਨੀ ਨੂੰ ਬਚਾਇਆ ਜਾ ਸਕਦਾ ਹੈ | ਇਸ ਮੌਕੇ ਸਕੂਲ ਮੁਖੀ ਪ੍ਰਵੀਨ ਬਾਲਾ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਵਲੋਂ ਡਾ. ਸਿੰਗਲਾ ਅਤੇ ਟੀਮ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਸਮੇਂ ਸਿਰ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ |