ਫ਼ਿਰੋਜ਼ਪੁਰ, 19 ਨਵੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ-ਸ੍ਰੀ ਮੁਕਤਸਰ ਸੜਕ ਦੇ ਰੁਕੇ ਹੋਏ ਕੰਮ ਨੂੰ ਮੁੜ ਚਾਲੂ ਕਰਵਾਉਣ ਦੀ ਮੰਗ ਨੂੰ ਲੈ ਕੇ ਝੋਕ ਹਰੀ ਹਰ ਦੇ ਸਮੂਹ ਦੁਕਾਨਦਾਰਾਂ ਵਲੋਂ ਇਲਾਕੇ ਦੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਰਾਤ-ਦਿਨ ਦਾ ਧਰਨਾ ਅੱਜ ਸਮਾਪਤ ਹੋ ਗਿਆ | ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਚੱਲ ਰਹੇ ਇਸ ਧਰਨੇ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਵਲੋਂ ਸੜਕ ਦੇ ਰੁਕੇ ਕੰਮ ਨੂੰ ਤੁਰੰਤ ਚਾਲੂ ਕਰਵਾਉਣ ਦੇ ਭਰੋਸੇ ਦੇਣ ਤੋਂ ਬਾਅਦ ਖ਼ਤਮ ਕੀਤਾ ਗਿਆ | ਧਰਨੇ ਦੌਰਾਨ ਜਿੱਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਹਰਨੇਕ ਸਿੰਘ ਮਹਿਮਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਮਹਿਮਾ ਆਪਣੇ ਸਾਥੀਆਂ ਸਮੇਤ ਹਾਜ਼ਰ ਰਹੇ ਉੱਥੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ, ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਭਾਜਪਾ ਆਗੂ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਧਰਨੇ ਦਾ ਸਮਰਥਨ ਕੀਤਾ | ਧਰਨੇ ਦੇ ਤੀਜੇ ਦਿਨ ਅੱਜ ਸਵੇਰੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਰਜਨੀਸ਼ ਦਹੀਯਾ ਨੇ ਮੌਕੇ 'ਤੇ ਪਹੁੰਚ ਕੇ ਸੜਕ ਦਾ ਕੰਮ ਦੁਬਾਰਾ ਚਾਲੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਹੁਣ ਲਗਾਤਾਰ ਕੰਮ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਹਲਕਾ ਦਿਹਾਤੀ ਅਧੀਨ ਆਉਂਦੇ ਇਸ 7 ਕਿੱਲੋਮੀਟਰ ਸੜਕ ਦੇ ਕੰਮ ਨੂੰ ਜਲਦੀ ਮੁਕੰਮਲ ਕਰ ਦਿੱਤਾ ਜਾਵੇਗਾ | ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਸੜਕ ਦਾ ਕੰਮ ਮੁੜ ਸ਼ੁਰੂ ਕਰਨ ਲਈ ਆਦੇਸ਼ ਜਾਰੀ ਕੀਤੇ | ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਅਤੇ ਸਮਰਥਨ ਕਰਨ ਵਾਲੀਆਂ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ |