ਜ਼ੀਰਾ,3 ਦਸੰਬਰ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਚਾਇਤ ਸੰਮਤੀ ਚੋਣਾਂ ਲਈ ਆਪਣੇ ਉਮੀਦਵਾਰਾਂ ਨੂੰ ਫਾਈਲਾਂ ਜਮ੍ਹਾਂ ਕਰਵਾਉਣ ਲਈ ਟੋਕਣ ਨਾ ਦੇਣ ਦੇ ਦੋਸ਼ ਲਗਾਉਂਦਿਆਂ ਆਪਣੇ ਸਮਰਥਕਾਂ ਨਾਲ ਦੇਰ ਸ਼ਾਮ ਰਿਟਰਨਿੰਗ ਅਫਸਰ ਜ਼ੀਰਾ ਦੇ ਦਫਤਰ ਅੱਗੇ ਧਰਨਾ ਲਗਾ ਦਿੱਤਾ | ਇਸ ਦੌਰਾਨ ਸੰਬੋਧਨ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਿਚ ਅੜਿੱਕੇ ਡਾਹ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ | ਉਹਨਾਂ ਦੋਸ਼ ਲਗਾਇਆ ਕਿ ਅੱਜ ਸਵੇਰ ਤੋਂ ਹੀ ਆਮ ਆਦਮੀ ਪਾਰਟੀ ਵਲੋਂ ਰਿਟਰਨਿੰਗ ਅਫਸਰ ਜ਼ੀਰਾ ਦੇ ਦਫਤਰ ਦੇ ਆਸ-ਪਾਸ ਵੱਡੀ ਗਿਣਤੀ ਵਿਚ ਗੁੰਡੇ, ਸ਼ਰਾਰਤੀ ਅਨਸਰ ਅਤੇ ਨਸ਼ੇੜੀ ਕਿਸਮ ਦੇ ਲੋਕ ਤਾਇਨਾਤ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਦੂਸਰੀ ਪਾਰਟੀ ਦਾ ਕੋਈ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਾ ਕਰ ਸਕੇ | ਉਹਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਸੜਕਾਂ 'ਤੇ ਉੱਤਰੇ ਹੋਏ ਹਨ | ਜਿਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸਰਕਾਰ ਉਹਨਾਂ ਦੇ ਉੱਪਰ ਜ਼ੁਲਮ ਢਾਹ ਰਹੀ ਹੈ | ਉਹਨਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ, ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਅਤੇ ਨਸ਼ੇ 'ਤੇ ਲਗਾਮ ਲਗਾਉਣ ਵਿਚ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸਾਡਾ ਇਹ ਧਰਨਾ ਰਾਤ ਭਰ ਜਾਰੀ ਰਹੇਗਾ | ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਹੋ ਸਕਦਾ ਹੈ ਕਿ ਇਸ ਧਰਨੇ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦੀ ਸ਼ਹਿ 'ਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਵੇ | ਜਿਸ ਦੀ ਜਿੰਮੇਵਾਰੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਦੀ ਹੋਵੇਗੀ | ਇਸ ਮੌਕੇ 'ਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |