ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)-ਸੀਨੀਅਰ ਆਈ.ਪੀ.ਐਸ. ਅਧਿਕਾਰੀ ਸਨੇਹਦੀਪ ਸ਼ਰਮਾ ਨੇ ਫ਼ਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਪੁਲਿਸ ਵਜੋਂ ਆਪਣਾ ਚਾਰਜ ਰਸਮੀ ਤੌਰ 'ਤੇ ਸੰਭਾਲ ਲਿਆ | ਚਾਰਜ ਸੰਭਾਲਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਬਤੌਰ ਡੀ.ਆਈ.ਜੀ ਅਹੁਦਾ ਸੰਭਾਲਣ ਪਹੁੰਚੇ ਸਨੇਹ ਦੀਪ ਸ਼ਰਮਾ ਦਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਭੁਪਿੰਦਰ ਸਿੰਘ ਸਿੱਧੂ ਸਮੇਤ ਵੱਖ-ਵੱਖ ਜ਼ਿਲਿ੍ਹਆਂ ਦੇ ਪੁਲਿਸ ਅਧਿਕਾਰੀ, ਰੇਂਜ ਸਟਾਫ਼ ਅਤੇ ਵਿਭਾਗ ਦੇ ਹੋਰ ਮੈਂਬਰਾਂ ਨੇ ਸਵਾਗਤ ਕੀਤਾ | ਚਾਰਜ ਸੰਭਾਲਣ ਤੋਂ ਬਾਅਦ ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੇ ਕਿਹਾ ਕਿ ਫ਼ਿਰੋਜ਼ਪੁਰ ਰੇਂਜ ਦੇ ਸਾਰੇ ਜ਼ਿਲਿ੍ਹਆਂ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਸਰਹੱਦੀ ਇਲਾਕਿਆਂ ਵਿਚ ਗ਼ੈਰਕਾਨੰੂਨੀ ਹਲਚਲ ਨੂੰ ਰੋਕਣ ਲਈ ਪੁਲਿਸ ਵਲੋਂ ਹੋਰ ਪ੍ਰਭਾਵਸ਼ਾਲੀ ਰਣਨੀਤੀ ਬਣਾਈ ਜਾਵੇਗੀ | ਉਨ੍ਹਾਂ ਨੇ ਇਹ ਵੀ ਕਿਹਾ ਕਿ ਜਨਤਾ ਨਾਲ ਪੁਲਿਸ ਦੇ ਸੰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੇ ਕੰਮ ਦਾ ਮਹੱਤਵਪੂਰਨ ਹਿੱਸਾ ਹੋਵੇਗਾ | ਸਨੇਹਦੀਪ ਸ਼ਰਮਾ ਨੇ ਅਧਿਕਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਤੇ ਕਿਹਾ ਕਿ ਕਿਸੇ ਵੀ ਕਿਸਮ ਦੀ ਗ਼ੈਰਕਾਨੰੂਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਵਿਭਾਗੀ ਕੰਮਾ ਨੂੰ ਇਮਾਨਦਾਰੀ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ |