ਬਠਿੰਡਾ, 19 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਉਣੀ 2025 ਦੌਰਾਨ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਸਬ ਡਵੀਜਨਲ ਪੱਧਰ 'ਤੇ ਪਰਾਲੀ ਪਰੋਟੈਕਸ਼ਨ ਫੋਰਸ ਦਾ ਗਠਨ ਕਰਨਾ ਯਕੀਨੀ ਬਣਾਇਆ ਜਾਵੇ | ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਕੋਆਰਡੀਨੇਟਿੰਗ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਮੌਕੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਦਿੱਤੇ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ 'ਤੇ ਨੋਡਲ ਤੇ ਕਲੱਸਟਰ ਅਫ਼ਸਰਾਂ ਦੀਆਂ ਡਿਊਟੀਆਂ ਲਗਾਉਣੀਆਂ ਤੇ ਪਿੰਡ ਵਿਚ ਵੱਖ-ਵੱਖ ਖੇਤੀਬਾੜੀ ਵਿਭਾਗ ਅਤੇ ਸਹਿਯੋਗੀ ਵਿਭਾਗਾਂ (ਸਹਿਕਾਰਤਾ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ, ਬਾਗਬਾਨੀ ਵਿਭਾਗ, ਭੂਮੀਂ ਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ) ਦੇ ਕਰਮਚਾਰੀਆਂ ਦੀ ਡਿਊਟੀ ਲਗਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਹਰ ਕਲਸਟਰ ਅਫ਼ਸਰ ਵਲੋਂ ਆਪੋਂ ਆਪਣੇ ਅਧੀਨ ਪੈਂਦੇ ਕਰੀਬ 50 ਕਿਸਾਨਾਂ ਨਾਲ ਤਾਲਮੇਲ ਕੀਤਾ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿਸਾਨਾਂ ਨੂੰ ਮਸ਼ੀਨਾਂ ਸਬੰਧੀ ਜਾਣਕਾਰੀ ਅਤੇ ਪਰਾਲੀ ਸਾੜਣ ਸਬੰਧੀ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਕੰਟਰੋਲ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵਾਜਬ ਰੇਟਾਂ 'ਤੇ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ, ਇੰਡਸਟਰੀਜ਼ ਨੂੰ ਬਿਨ੍ਹਾਂ ਕਿਸੇ ਪਰੇਸ਼ਾਨੀ ਪਰਾਲੀ ਮੁਹੱਈਆ ਕਰਵਾਉਣ ਲਈ ਸਪਲਾਈ ਚੇਨ ਸਥਾਪਿਤ ਕਰਨ ਅਤੇ ਪਰਾਲੀ ਨੂੰ ਸਟੋਰ ਕਰਨ ਲਈ ਇੰਡਸਟਰੀਜ਼ ਨੂੰ ਜ਼ਮੀਨ ਮੁਹੱਈਆ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹਰ ਕਿਸਾਨ ਦੇ ਹਰ ਖੇਤ ਨੂੰ ਸੀ. ਆਰ. ਐੱਮ. ਮਸ਼ੀਨਰੀ ਨਾਲ ਮੈਪ ਕੀਤਾ ਜਾਵੇ |