ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-25 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੇ ਜ਼ਿਲ੍ਹੇ ਸੰਗਰੂਰ ਵਿਖੇ ਪੰਜਾਬ ਦੀਆਂ ਕਿਸਾਨ ਮਜ਼ਦੂਰ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਤਿਆਰੀਆਂ ਬਾਰੇ ਸਲਾਹ ਮਸ਼ਵਰੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਤਲਵੰਡੀ ਸਾਬੋ ਦੇ ਕਈ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਜਥੇਬੰਦੀ ਵਲੋਂ ਇਥੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਉਕਤ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੋਂ ਜ਼ਮੀਨਾਂ ਅਤੇ ਰੁਜ਼ਗਾਰ ਖੋਹ ਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਲੋਕ ਵਿਰੋਧੀ ਨੀਤੀਆਂ ਨੂੰ ਧੱਕੇ ਨਾਲ ਲਾਗੂ ਕਰਨ ਲਈ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਮੁਲਾਜ਼ਮਾਂ, ਅÏਰਤਾਂ ਇੱਥੋਂ ਤੱਕ ਕੇ ਬੱਚਿਆਂ ਤੇ ਜ਼ਬਰ ਢਾਹ ਕੇ ਹੱਕ ਸੱਚ ਦੀ ਆਵਾਜ਼ ਨੂੰ ਬੰਦ ਕਰਵਾਉਣ ਦਾ ਯਤਨ ਕੀਤਾ ਜਾ ਰਿਹੈ | ਆਪਣੇ ਹੱਕਾਂ ਲਈ ਤੇ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰ ਰਹੇ ਕਿਸਾਨਾਂ, ਮਜ਼ਦੂਰਾਂ, ਔਰਤਾਂ, ਅਧਿਆਪਕਾਂ ਨੂੰ ਸਰਕਾਰ ਵਲੋਂ ਝੂਠੇ ਪੁਲਿਸ ਕੇਸਾਂ ਤਹਿਤ ਲੰਮੇ ਸਮੇਂ ਲਈ ਜੇਲਾਂ ਵਿਚ ਬੰਦ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਢਾਹਿਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਜ਼ਬਰ ਵਿਰੁੱਧ ਸੰਗਰੂਰ ਵਿਖੇ 25 ਜੁਲਾਈ ਨੂੰ ਕੀਤੀ ਜਾ ਰਹੀ ਜ਼ਬਰ ਵਿਰੋਧੀ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ | ਮੀਟਿੰਗਾਂ ਵਿਚ ਕਿਸਾਨ ਆਗੂ ਜਗਸੀਰ ਦੇ ਬੇਟੇ ਰਾਜਦੀਪ ਦੇ 24 ਜੁਲਾਈ ਨੂੰ ਝੂੰਬਾ ਵਿਖੇ ਭੋਗ ਸਮਾਗਮ ਤੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਗਈ | ਮੀਟਿੰਗਾਂ ਵਿਚ ਸੰਗਤ ਬਲਾਕ ਦੇ ਪ੍ਰਧਾਨ ਰਾਮ ਸਿੰਘ ਕੋਟਗੁਰੂ, ਤਲਵੰਡੀ ਸਾਬੋ ਬਲਾਕ ਦੇ ਆਗੂ ਕੁਲਵਿੰਦਰ ਸਿੰਘ ਗਿਆਨਾ, ਬਲਾਕ ਆਗੂ ਰਣਜੋਧ ਸਿੰਘ ਮਾਹੀਨੰਗਲ ਤੇ ਜੀਤ ਸਿੰਘ ਮਾਹੀਨੰਗਲ ਆਦਿ ਸ਼ਾਮਿਲ ਹੋਏ |