ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਇਕ ਵਿਅਕਤੀ ਨੂੰ 150 ਲੀਟਰ ਲਾਹਣ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਆਰੰਭ ਦਿੱਤੀ ਹੈ | ਥਾਣਾ ਮੁਖੀ ਤਲਵੰਡੀ ਸਾਬੋ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਵਨੀਤ ਕੌਂਡਲ ਤੇ ਡੀ. ਐੱਸ. ਪੀ. ਤਲਵੰਡੀ ਸਾਬੋ ਰਜੇਸ਼ ਸਨੇਹੀ ਦੇ ਦਿਸ਼ਾ ਨਿਰਦੇਸ਼ ਤੇ ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏ. ਐੱਸ. ਆਈ. ਰਮਨਦੀਪ ਕੌਰ ਪੁਲਸ ਪਾਰਟੀ ਸਮੇਤ ਤਲਵੰਡੀ ਸਾਬੋ ਇਲਾਕੇ ਵਿਚ ਗਸ਼ਤ ਕਰ ਰਹੇ ਸਨ, ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਲੇਲੇਵਾਲਾ ਰੋਡ 'ਤੇ ਇਕ ਖੇਤ ਵਿਚ ਛਾਪੇਮਾਰੀ ਕਰਕੇ 150 ਲੀਟਰ ਲਾਹਣ ਬਰਾਮਦ ਕਰ ਲਿਆ | ਪੁਲਸ ਨੇ ਲਾਹਣ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀ ਨੂੰ ਮੌਕੇ 'ਤੇ ਕਾਬੂ ਕਰ ਲਿਆ | ਪੁਲਿਸ ਨੇ ਕਥਿਤ ਦੋਸ਼ੀ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |