19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਕੂਲਾਂ ਦੇ ਆਰ.ਓਜ਼ ਦਾ ਟੀ.ਡੀ.ਐੱਸ. ਚੈੱਕ ਕਰਵਾਉਣਾ ਬਣਾਇਆ ਜਾਵੇ ਲਾਜ਼ਮੀ-ਜਸਵੀਰ ਸਿੰਘ ਸੇਖੋਂ

ਅਜੀਤ ਡੈਸਕ 04-11-2025

ਬਠਿੰਡਾ, 3 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਆਰ.ਓਜ਼ ਦਾ ਟੀ.ਡੀ.ਐੱਸ ਚੈੱਕ ਕਰਵਾਉਣਾ ਲਾਜ਼ਮੀ ਬਣਾਇਆ ਜਾਵੇ | ਇਹ ਆਦੇਸ਼ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਚੱਲ ਰਹੀ ਰਾਸ਼ਨ ਵੰਡ ਪ੍ਰਣਾਲੀ, ਮਿਡ ਡੇਅ ਮੀਲ ਅਤੇ ਆਂਗਣਵਾੜੀ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਨ ਮੌਕੇ ਦਿੱਤੇ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਦੇ ਪੀਣ ਲਈ ਸ਼ੁੱਧ ਪਾਣੀ ਵਾਸਤੇ ਜਿੱਥੇ ਆਰ.ਓ ਨਹੀਂ ਲੱਗੇ ਹਨ, ਉੱਥੇ ਆਰ.ਓ ਲਗਾਉਣੇ ਯਕੀਨੀ ਬਣਾਏ ਜਾਣ, ਜਿੱਥੇ ਆਰ.ਓ ਠੀਕ ਨਹੀਂ ਚੱਲ ਰਹੇ, ਉਨ੍ਹਾਂ ਦੀ ਮੁਰੰਮਤ ਕਰਵਾਉਣੀ ਲਾਜ਼ਮੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਦੇ ਖਾਣਾ-ਖਾਣ ਦੀ ਜਗ੍ਹਾ ਸਾਫ਼-ਸੁਥਰੀ ਅਤੇ ਹਵਾਦਾਰ ਤੋਂ ਇਲਾਵਾ ਸਮਾਨ ਰੱਖਣ ਲਈ ਢੁਕਵੀਂ ਹੋਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਤੋਂ ਰਾਸ਼ਨ ਵੰਡ ਦੇ ਕੰਮ ਦੀ ਪ੍ਰਗਤੀ ਦਾ ਜਿੱਥੇ ਜਾਇਜ਼ਾ ਲਿਆ, ਉੱਥੇ ਹੀ ਉਨ੍ਹਾਂ ਕੋਲੋਂ ਰਾਸ਼ਨ ਕਾਰਡਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਇਸ ਉਪਰੰਤ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਦੇ ਪਿੰਡ ਬਾਜਕ ਦੇ ਆਂਗਣਵਾੜੀ ਸੈਂਟਰ ਦਾ ਦੌਰਾ ਕਰਕੇ ਜਿੱਥੇ ਨਿਰੀਖਣ ਕੀਤਾ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿਚ ਸਾਫ-ਸਫਾਈ ਤੋਂ ਇਲਾਵਾ ਬੱਚਿਆਂ ਦੇ ਖਾਣ-ਪੀਣ ਵਾਲੀਆਂ ਵਸਤਾਂ ਦਾ ਖ਼ਾਸ ਖਿਆਲ ਰੱਖਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਉਨ੍ਹਾਂ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ਉਪਰੰਤ ਉਨ੍ਹਾਂ ਆਦਰਸ਼ ਸਕੂਲ ਨੰਦਗੜ੍ਹ ਦਾ ਜਿੱਥੇ ਦੌਰਾ ਕਰਕੇ ਜਾਇਜ਼ਾ ਲਿਆ, ਉੱਥੇ ਹੀ ਸਕੂਲ ਵਿਚ ਬਣੇ ਮਿਡ-ਡੇ-ਮੀਲ ਦਾ ਖਾਣਾ ਵੀ ਖਾਧਾ ਅਤੇ ਉੱਥੋਂ ਦੇ ਲੰਗਰ ਹਾਲ, ਕਿਚਨ ਗਾਰਡਨ, ਮਿਡ-ਡੇ-ਮੀਲ ਰਸੋਈ ਦੀ ਸਾਫ਼ ਸਫ਼ਾਈ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਦੁਪਹਿਰ ਦੇ ਖਾਣੇ 'ਤੇ ਤਸੱਲੀ ਪ੍ਰਗਟ ਕੀਤੀ | ਇਸ ਮੌਕੇ ਵੇਰਕਾ ਮਿਲਕ ਪਲਾਂਟ ਦੇ ਜੀ.ਐਮ. ਰੁਪਿੰਦਰ ਸਿੰਘ ਸੇਖੋਂ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਮਨਿੰਦਰ ਕੌਰ, ਸਹਾਇਕ ਖ਼ੁਰਾਕ ਤੇ ਸਪਲਾਈ ਅਫ਼ਸਰ ਹਰਸ਼ਿਤ ਮਹਿਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਐਮ-ਸੇਵਾ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ ਅਗਲੀ ਖ਼ਬਰ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।