ਰਾਮਪੁਰਾ ਫੂਲ, 19 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਡੀ.ਐੱਸ.ਪੀ ਫੂਲ ਮਨੋਜ ਕੁਮਾਰ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਹੋਈ ਮੁਹਿੰਮ ਦੇ ਚੱਲਦਿਆਂ ਹੋਇਆ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਅਤੇ ਹਥਿਆਰ ਸਮੇਤ ਗਿ੍ਫ਼ਤਾਰ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਥਾਣਾ ਸਿਟੀ ਰਾਮਪੁਰਾ ਦੇ ਮੁਖੀ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋਂ ਦੌਰਾਨੇ ਗਸ਼ਤ 10 ਗ੍ਰਾਮ ਹੈਰੋਇਨ, ਇੱਕ ਪਿਸਟਲ 32 ਬੋਰ, ਚਾਰ ਜਿੰਦਾ ਕਾਰਤੂਸ, ਇੱਕ ਮੈਗਜ਼ੀਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਸੁਖਪ੍ਰੀਤ ਸਿੰਘ, ਬੌਬੀ ਸਿੰਘ ਵਾਸੀਆਨ ਭਾਈਰੂਪਾ ਖ਼ਿਲਾਫ਼ ਮੁਕੱਦਮਾ ਨੰਬਰ 223, ਧਾਰਾ 21 ਬੀ,61,85 ਐਕਟ 25,54,59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਹਰਬੰਸ ਸਿੰਘ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਗ਼ੈਰ ਕਾਨੰੂਨੀ ਧੰਦਿਆਂ ਤੋਂ ਬਾਜ ਆ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |