ਰਾੜਾ ਸਾਹਿਬ, 16 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਵਸ ਸੰਪ੍ਰਦਾਇ ਰਾੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ | ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਜਿੱਥੇ ਮਹਾਂਪੁਰਸ਼ਾਂ ਦੇ ਹਜ਼ੂਰੀ ਜਥੇ ਦੇ ਸਿੰਘਾਂ ਨੇ ਹਾਜ਼ਰੀ ਭਰੀ, ਉੱਥੇ ਮੁੱਖ ਗ੍ਰੰਥੀ ਬਾਬਾ ਬਲਦੇਵ ਅਤੇ ਭਾਈ ਮਨਵੀਰ ਸਿੰਘ ਮਨੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ, ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ | ਸੰਪ੍ਰਦਾਇ ਰਾੜਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਜੀਵਨੀ, ਜਿਨ੍ਹਾਂ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਦੇ ਬਚਨ ਨੂੰ ਕਮਾਇਆ ਅਤੇ ਨਿਭਾਇਆ | ਉਨ੍ਹਾਂ ਦੀ ਬਹਾਦਰੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਨਹੀਂ ਭੁਲਾ ਸਕਣਗੀਆਂ, ਸਚਾਈ ਤੇ ਨੇਮਾਂ ਲਈ ਉਨ੍ਹਾਂ ਦੀ ਮਜ਼ਬੂਤੀ ਵਚਨਬੱਧਤਾ ਪ੍ਰੇਰਨਾ ਦਿੰਦੀ ਰਹੇਗੀ | ਸਮਾਗਮ ਵਿਚ ਹਾਜ਼ਰੀ ਭਰਨ ਵਾਲੀਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਭਾਈ ਰਣਧੀਰ ਸਿੰਘ ਢੀਂਡਸਾ ਨੇ ਕੀਤਾ ਅਤੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 3, 4 ਅਤੇ 5 ਅਗਸਤ ਨੂੰ ਗੁ. ਈਸ਼ਰਸਰ ਸਾਹਿਬ ਆਲੋਵਾਲ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ ਸਬੰਧੀ ਸੰਗਤਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ |