13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਖੰਨਾ 'ਚ ਸ਼ੁਰੂ ਹੋਈ ਸੌਖੀ ਰਜਿਸਟਰੀ- ਤਰੁਨਪ੍ਰੀਤ ਸਿੰਘ ਸੌਂਦ

ਅਜੀਤ ਡੈਸਕ 18-07-2025
ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਨੇ ਲੋਕ ਹਿੱਤ 'ਚ ਵੱਡਾ ਫ਼ੈਸਲਾ ਲੈਂਦਿਆਂ ਖੰਨਾ 'ਚ 'ਈਜ਼ੀ ਰਜਿਸਟਰੀ' ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ | ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖ਼ੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ, ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ 'ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ | ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿੱਥੇ 'ਈਜੀ ਰਜਿਸਟਰੀ' ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਦਾਅਵਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਈਜੀ ਰਜਿਸਟਰੀ ਪ੍ਰਣਾਲੀ ਦੀ ਖੰਨਾ ਵਿਖੇ ਸ਼ੁਰੂਆਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਹੁਣ ਲੋਕ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿਚ ਜਾ ਸਕਦੇ ਹਨ | ਸੌਂਦ ਨੇ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪ ਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਾ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖ਼ੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੁਣ ਲੋਕਾਂ ਨੂੰ ਮਿਲਣਗੀਆਂ | ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਲੰਮੀਆਂ ਲਾਈਨਾਂ ਵਿਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ | ਸਬ ਰਜਿਸਟਰਾਰ ਤਨਵੀਰ ਕੌਰ ਨੇ ਪਹਿਲੀ ਈਜ਼ੀ ਰਜਿਸਟਰੀ ਖ਼ਰੀਦਦਾਰ ਗੁਰਮੀਤ ਸਿੰਘ ਮਾਂਗਟ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮਹਿਦੂਦਾਂ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਨੂੰ ਦਿੱਤੀ | ਇਸ ਮੌਕੇ ਗੱਲਬਾਤ ਕਰਦਿਆਂ ਸਬ ਰਜਿਸਟਰਾਰ ਤਨਵੀਰ ਕੌਰ ਨੇ ਦੱਸਿਆ ਕਿ ਇਹ ਨਵੀਂ ਪ੍ਰਣਾਲੀ ਪੰਜਾਬ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਨ੍ਹਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਉਪ ਮੰਡਲ ਮੈਜਿਸਟਰੇਟ ਡਾ. ਬਲਜਿੰਦਰ ਸਿੰਘ ਢਿੱਲੋਂ ਪੀ. ਸੀ. ਐਸ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਬਿਨੈਕਾਰ ਆਪਣੀ ਜਾਇਦਾਦ ਦੀ ਡੀਡ ਖ਼ੁਦ ਲਿਖਕੇ ਆਨਲਾਈਨ ਜਮ੍ਹਾ ਕਰਵਾ ਸਕਣਗੇ, ਜਿਸ ਤੋਂ ਬਾਅਦ ਸਬ ਰਜਿਸਟਰਾਰ ਦਫ਼ਤਰ 48 ਘੰਟਿਆਂ ਵਿਚ ਇਸ ਨੂੰ ਮਨਜ਼ੂਰੀ ਦੇ ਦਿੰਦਾ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਪ੍ਰਧਾਨ ਦਿਹਾਤੀ ਅਤੇ ਹਲਕਾ ਖੰਨਾ ਦੇ ਸਿੱਖਿਆ ਕੋਆਰਡੀਨੇਟਰ ਮਾਸਟਰ ਅਵਤਾਰ ਸਿੰਘ, ਕੌਸਲਰ ਪਰਮਪ੍ਰੀਤ ਸਿੰਘ, ਓ. ਐਸ. ਡੀ. ਕਰਨ ਅਰੋੜਾ ਤੋਂ ਇਲਾਵਾ ਹੋਰ ਵੀ ਹਾਜਰ ਸਨ |
ਪਿਛਲੀ ਖ਼ਬਰ ਕਿਸਾਨ ਆਗੂ ਬਿਜਲੀ ਗਰਿੱਡ ਅਧਿਕਾਰੀ ਨੂੰ ਮਿਲੇ ਅਗਲੀ ਖ਼ਬਰ ਪੰਜਾਬ ਕਾਂਗਰਸ ਵਲੋਂ ਪੰਮੀ ਘਵੱਦੀ ਹਲਕਾ ਦਾਖਾ, ਪੱਛਮੀ ਅਤੇ ਰਾਏਕੋਟ ਦੇ ਸੰਗਠਨ ਆਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।