ਈਸੜੂ, 20 ਜੁਲਾਈ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਪਾਇਲ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਹਲਕੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਪਾਇਲ ਦੇ ਪਿੰਡ ਦੀਵਾ ਮੰਡੇਰ ਤੇ ਦੀਵਾ ਖੋਸਾ ਵਿਚ ਲੋਕਾਂ ਨੂੰ ਨਸ਼ਿਆਂ ਤੋਂ ਜਾਗਰੂਕਤਾ ਸਮਾਗਮ ਵਿਚ ਸ਼ਿਰਕਤ ਕੀਤੀ | ਉਨ੍ਹਾਂ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ ਤੇ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾ ਕੇ ਪੰਜਾਬ ਨੂੰ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣੇਗਾ | ਉਨ੍ਹਾਂ ਪੇਂਡੂ ਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ | ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਜੇਲ੍ਹਾਂ ਅੰਦਰ ਡੱਕਿਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ | ਸਮਾਗਮ ਦੇ ਅੰਤ ਵਿਚ ਵਿਧਾਇਕ ਗਿਆਸਪੁਰਾ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਦਾ ਲਈ ਸਹੁੰ ਚੁਕਾਈ ਗਈ | ਇਸ ਮੌਕੇ 'ਤੇ ਲੋਕਾਂ ਨੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਨਸ਼ਿਆਂ ਖ਼ਿਲਾਫ਼ ਡਟ ਕੇ ਲੜਨ ਦਾ ਪ੍ਰਣ ਕੀਤਾ | ਇਸ ਮੌਕੇ 'ਤੇ ਗੁਰਵਿੰਦਰ ਸਿੰਘ ਰਾਣਾ ਕੂਨਰ ਸੰਯੁਕਤ ਇੰਚਾਰਜ ਹਲਕਾ ਪਾਇਲ, ਕਰਨ ਸਿਹੌੜਾ ਪ੍ਰਧਾਨ ਜ਼ਿਲ੍ਹਾ ਦਿਹਾਤੀ ਯੂਥ ਵਿੰਗ ਆਪ ਲੁਧਿਆਣਾ, ਸਰਪੰਚ ਹਰਪ੍ਰੀਤ ਸਿੰਘ ਮੰਡੇਰ, ਚੇਅਰਮੈਨ ਜਸਪ੍ਰੀਤ ਸਿੰਘ ਜੱਸਾ, ਸਰਪੰਚ ਅਮਨਦੀਪ ਕੌਰ, ਗੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਨਿਰਮਲ ਸਿੰਘ ਖ਼ਜ਼ਾਨਚੀ, ਹਰਦਮ ਸਿੰਘ ਚੌਕੀ ਇੰਚਾਰਜ ਰੌਣੀ, ਕੇਹਰ ਸਿੰਘ ਫ਼ੌਜੀ, ਜਗਤਾਰ ਸਿੰਘ ਸਿੱਧੂ, ਸਤਿਨਾਮ ਸਿੰਘ, ਪੰਚ ਮੋਹਣ ਸਿੰਘ, ਪੰਚ ਅਜਮੇਰ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਹਰਬੰਸ ਕੌਰ, ਪੰਚ ਨਵਦੀਪ ਕੌਰ, ਪੰਚ ਯਾਦਵਿੰਦਰ ਕੌਰ, ਪੰਚ ਕਰਨੈਲ ਕੌਰ, ਪੰਚ ਪਰਮਜੀਤ ਕੌਰ, ਸੋਢੀ ਸਿੰਘ, ਸੈਕਟਰੀ ਅਮਨਦੀਪ ਸਿੰਘ, ਹਰਭਜਨ ਸਿੰਘ ਮੇਟ, ਵੱਡੀ ਗਿਣਤੀ ਵਿਚ ਦੋਵਾਂ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ |