ਦੋਰਾਹਾ, 3 ਦਸੰਬਰ (ਪੱਤਰ ਪ੍ਰੇਰਕ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਸੂਬਾ ਕਮੇਟੀ ਦੀ ਆਨ ਲਾਈਨ ਮੀਟਿੰਗ ਸੁਖਬੀਰਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਵਿਚ ਸਰਬ-ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਲਾਉਣ ਲਈ ਮੰਗ-ਪੱਤਰ ਦਿੱਤੇ ਜਾਣਗੇ | ਜੇਕਰ ਫੇਰ ਵੀ ਕਮਿਸ਼ਨ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਨਿਯੁਕਤ ਨਾ ਕੀਤਾ ਤਾਂ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ | ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਜਨਰਲ ਵਰਗ ਦੇ ਲੋਕਾਂ ਨਾਲ ਸ਼ਰੇਆਮ ਬੇਇਨਸਾਫ਼ੀ ਕਰ ਰਹੀ ਹੈ | ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਅਤੇ ਦਫ਼ਤਰੀ ਅਮਲਾ ਲਾਇਆ ਜਾਵੇ ਅਤੇ ਕਾਲਜ ਪੜ੍ਹਦੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਤਹਿਤ ਵਜ਼ੀਫ਼ਾ ਦਿੱਤਾ ਜਾਵੇ |