ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਪ੍ਰੋਗਰਾਮ ਅਧੀਨ ਬਰਨਾਲਾ ਸ਼ਹਿਰ ਦੇ ਵੱਖ ਵਾਰਡਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਗਏ | ਸ਼ਹਿਰ ਦੇ ਵਾਰਡ ਨੰਬਰ-14, 15, 16, 17 ਅਤੇ ਸੁਰਜੀਤਪੁਰਾ ਕੋਠੇ ਵਾਰਡ ਨੰਬਰ-18 ਵਿਚ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਪਿੰਡ ਪਿੰਡ ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੀ ਬਰਨਾਲਾ ਵਿਚ ਖੇਡ ਮੈਦਾਨਾਂ ਤੇ ਖੇਡ ਢਾਂਚੇ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ ਨਵੇਂ ਕੋਚਾਂ ਦੀ ਭਰਤੀ ਕੀਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ | ਐੱਸ. ਡੀ. ਐੱਮ. ਬਰਨਾਲਾ ਹਰਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ ਜਿਸ ਵਿਚ ਸਿਰਫ਼ ਸਰਕਾਰੀ ਅਧਿਕਾਰੀਆਂ ਜਾਂ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ | ਇਸ ਮੌਕੇ ਮਨੋਰੋਗ ਮਾਹਿਰ ਡਾਕਟਰ ਗਗਨਦੀਪ ਸੇਖੋਂ ਨੇ ਵੱਖ ਵੱਖ ਤਰ੍ਹਾਂ ਦੇ ਨਸ਼ਿਆਂ ਦੇ ਦੁਰ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਜੋਂਟੀ ਮਾਨ, ਐੱਸ. ਐੱਚ. ਓ. ਲਖਵਿੰਦਰ ਸਿੰਘ ਤੇ ਚਰਨਜੀਤ ਸਿੰਘ, ਸਿਹਤ ਵਿਭਾਗ ਤੋਂ ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ |