ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਦੇ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਨੇ ਬੱਸ ਸਟੈਂਡ ਮਹਿਲ ਕਲਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕਰ ਕੇ ਨਸ਼ਿਆਂ ਦੇ ਖ਼ਿਲਾਫ਼ ਲੜਾਈ 'ਚ ਅੱਗੇ ਆਉਣ ਦਾ ਸੱਦਾ ਦਿੱਤਾ | ਡੀ.ਐੱਸ.ਪੀ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡਾਂ ਅਤੇ ਕਸਬਿਆਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਲਗਾਤਾਰ ਵਧਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜ ਨੂੰ ਨਸ਼ਾ ਰਹਿਤ ਬਣਾਉਣ ਲਈ ਸਰਕਾਰ ਦੇ ਯਤਨਾਂ ਦਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਭਵਿੱਖ 'ਚ ਨਵੀਂ ਪਨੀਰੀ ਨੂੰ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਥਾਣਾ ਮਹਿਲ ਕਲਾਂ, ਠੁੱਲੀਵਾਲ ਅਤੇ ਟੱਲੇਵਾਲ ਹੇਠ ਆਉਂਦੇ ਸਾਰੇ ਪਿੰਡਾਂ ਵਿਚ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ | ਜਿਸ ਵਿਚ ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ, ਕਿਸਾਨ ਜਥੇਬੰਦੀਆਂ ਅਤੇ ਹੋਰ ਇਨਸਾਫ਼-ਪਸੰਦ ਜਥੇਬੰਦੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ | ਇਸ ਮੌਕੇ ਏ.ਐੱਸ.ਆਈ. ਜਗਰੂਪ ਸਿੰਘ, ਮੁਨਸ਼ੀ ਗੁਰਪ੍ਰੀਤ ਸਿੰਘ, ਹੌਲਦਾਰ ਬਲਜਿੰਦਰ ਸਿੰਘ, ਹੌਲਦਾਰ ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ |