ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕੈਬਨਿਟ ਵਿਚ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਏ ਜਾਣ ਸਬੰਧੀ ਪਾਸ ਕੀਤੇ ਗਏ | ਮਤੇ ਉਪਰੰਤ ਹੁਣ ਪੰਜਾਬ ਦੇ ਰਾਜਪਾਲ ਵਲੋਂ ਵੀ ਇਸ ਉਪਰ ਮੋਹਰ ਲਗਾ ਦਿੱਤੀ ਗਈ ਹੈ | ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਬਰਨਾਲਾ ਨਗਰ ਨਿਗਮ ਬਣਾਏ ਜਾਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਐਡੀਸ਼ਨਲ ਮੁੱਖ ਸਕੱਤਰ ਤੇਜਵੀਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਮਿਊਾਸਪਲ ਕਾਰਪੋਰੇਸ਼ਨ ਐਕਟ 1976 ਦੀ ਵੱਖ-ਵੱਖ ਧਾਰਾਵਾਂ ਤਹਿਤ ਲਏ ਗਏ ਫੈਸਲੇ ਅਨੁਸਾਰ ਬਰਨਾਲਾ ਨੂੰ ਨਗਰ ਨਿਗਮ ਬਣਾ ਦਿੱਤਾ ਗਿਆ ਹੈ | ਸਥਾਨਕ ਸਰਕਾਰਾਂ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਬਰਨਾਲਾ ਨਗਰ ਨਿਗਮ ਲਈ ਨਵੀਂ ਵਾਰਡਬੰਦੀ ਦਾ ਕੰਮ ਸ਼ੁਰੂ ਹੋ ਗਿਆ ਹੈ, ਜੋ ਜਲਦ ਹੀ ਮੁਕੰਮਲ ਹੋਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਬਰਨਾਲਾ ਨਗਰ ਕੌਂਸਲ ਦੇ ਇਸ ਸਮੇਂ 31 ਵਾਰਡ ਹਨ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਬਰਨਾਲਾ ਦੇ 51 ਵਾਰਡ ਬਣਾਏ ਜਾ ਰਹੇ ਹਨ | ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਲਈ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕਾਫ਼ੀ ਯਤਨ ਕੀਤੇ ਗਏ ਹਨ ਤੇ ਸ਼ਹਿਰ ਵਾਸੀਆਂ ਨੂੰ ਉਮੀਦ ਹੈ ਕਿ ਨਗਰ ਨਿਗਮ ਹੋਂਦ ਵਿਚ ਆਉਣ ਤੋਂ ਬਾਅਦ ਬਰਨਾਲਾ ਵਿਚ ਵੱਡੀ ਪੱਧਰ 'ਤੇ ਵਿਕਾਸ ਹੋਵੇਗਾ |