ਮਹਿਲ ਕਲਾਂ, 3 ਦਸੰਬਰ (ਅਵਤਾਰ ਸਿੰਘ ਅਣਖੀ)-ਸਬ-ਡਵੀਜ਼ਨ ਮਹਿਲ ਕਲਾਂ ਦੇ ਫ਼ਰਦ ਕੇਂਦਰਾਂ ਵਿਚ ਸੇਵਾ ਨਿਭਾਅ ਰਹੇ ਕੰਪਿਊਟਰ ਆਪੇ੍ਰਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੰਮ ਕਾਜ ਪੂਰੀ ਤਰ੍ਹਾਂ ਠੱਪ ਕਰਨ ਉਪਰੰਤ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਆਪੇ੍ਰਟਰਾਂ ਨੇ ਦੱਸਿਆ ਕਿ ਕਈ ਸਾਲਾਂ ਤੋਂ ਤਨਖ਼ਾਹ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਮਹਿੰਗਾਈ ਦੇ ਬੇ-ਹਿਸਾਬ ਵਧਣ ਨਾਲ ਉਨ੍ਹਾਂ ਲਈ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੇਵਲ 8 ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ 'ਤੇ ਕੰਮ ਲਿਆ ਜਾ ਰਿਹਾ ਹੈ, ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਵੀ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਆਪ੍ਰੇਟਰ ਆਰਥਿਕ ਤੰਗੀ ਦਾ ਸ਼ਿਕਾਰ ਹਨ | ਐਸੋਸੀਏਸ਼ਨ ਦੇ ਆਗੂ ਕੁਲਦੀਪ ਕੁਮਾਰ, ਰਾਜਵਿੰਦਰ ਕੌਰ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਆਪੇ੍ਰਟਰਾਂ ਦੀਆਂ ਸੇਵਾਵਾਂ ਸੀ.ਐਮ.ਸੀ. ਲਿਮਟਿਡ ਨਾਂਅ ਦੀ ਪ੍ਰਾਈਵੇਟ ਕੰਪਨੀ ਰਾਹੀਂ ਲਈਆਂ ਜਾ ਰਹੀਆਂ ਹਨ, ਜਿਸ ਕਰ ਕੇ ਨੌਕਰੀ ਦੀ ਪੱਕੀ ਸੁਰੱਖਿਆ ਨੂੰ ਲੈ ਕੇ ਚਿੰਤਾ ਲਗਾਤਾਰ ਵਧ ਰਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਤਨਖ਼ਾਹ 'ਚ ਵਾਧਾ, ਸੇਵਾਵਾਂ ਨੂੰ ਸਥਾਈ ਕਰ ਕੇ ਸਰਕਾਰੀ ਭਰਤੀ ਅਧੀਨ ਲਿਆਂਦਾ ਜਾਵੇ, ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਆਪੇ੍ਰਟਰਾਂ ਦੀਆਂ ਤਨਖ਼ਾਹਾਂ ਨਿਯਮਿਤ ਕੀਤੀਆਂ ਜਾਣ ਅਤੇ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਆਪੇ੍ਰਟਰਾਂ ਨੇ ਦੱਸਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਸੌਂਪਣ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਇਸ ਕਰ ਕੇ ਹੁਣ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਐਸੋਸੀਏਸ਼ਨ ਵਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |