ਤਪਾ ਮੰਡੀ, 3 ਦਸੰਬਰ (ਪ੍ਰਵੀਨ ਗਰਗ)-ਹਲਕਾ ਭਦੌੜ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਦੀ ਇਕ ਮੀਟਿੰਗ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਤਪਾ ਵਿਖੇ ਹੋਈ | ਮੀਟਿੰਗ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਚੋਣਾਂ ਲਈ ਯੋਗ ਉਮੀਦਵਾਰਾਂ 'ਤੇ ਵਿਚਾਰ ਕੀਤੀ ਗਈ | ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜ਼ੋਨ ਤੋਂ ਉਮੀਦਵਾਰ ਖੜ੍ਹੇ ਕੀਤੇ ਜਾਣਗੇ | ਇਹ ਚੋਣਾਂ ਡਟ ਕੇ ਲੜੀਆਂ ਜਾਣਗੀਆਂ ਅਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ; ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ 'ਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ | ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਵਲੋਂ ਵਿਕਾਸ ਦੇ ਕੰਮ ਨਾਲ ਕਰਵਾਏ ਜਾਣ ਕਾਰਨ ਆਮ ਲੋਕ ਸਰਕਾਰ ਤੋਂ ਬਹੁਤ ਨਿਰਾਸ਼ ਹਨ ਅਤੇ ਅੱਜ ਵੀ ਬਾਦਲ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਤੇ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵਰਕਰਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ | ਮੀਟਿੰਗ ਵਿਚ ਬੇਅੰਤ ਸਿੰਘ ਮਾਂਗਟ, ਸੁਰਜੀਤ ਸਿੰਘ ਪੁਰਬਾ, ਗੁਲਾਬ ਸਿੰਘ, ਹਰਜਿੰਦਰ ਸਿੰਘ ਪਾਲੀ, ਬਿੱਟੂ ਬਰਾੜ, ਜੁਗਰਾਜ ਸਿੰਘ, ਗੁਰਮੇਲ ਸਿੰਘ, ਭੋਲਾ ਸੁਮਲ, ਗੋਗੀ ਮਹੰਤ ਆਦਿ ਮੌਜੂਦ ਸਨ |