13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲਿ੍ਹਆ ਜਾਵੇ-ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ <br/>

ਅਜੀਤ ਡੈਸਕ 18-07-2025
ਲੰਡਨ, 17 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਭਾਰਤ ਤੇ ਪਾਕਿ ਵਿਚਾਲੇ ਪਿਛਲੇ ਲਗਭਗ ਇਕ ਮਹੀਨੇ ਤੋਂ ਜਾਰੀ ਜੰਗਬੰਦੀ ਅਤੇ ਆਮ ਹਾਲਾਤ ਅਨੁਕੂਲ ਹੋਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿ੍ਹਆ ਜਾਵੇ ਜੋ ਕਿ ਬੀਤੀ 7 ਮਈ ਨੂੰ ਪਹਿਲਗਾਮ ਹਮਲੇ ਤੇ ਸਰਹੱਦ 'ਤੇ ਪੈਦਾ ਹੋਏ ਤਣਾਅ ਕਾਰਨ ਭਾਰਤ ਵੱਲੋਂ ਬੰਦ ਕਰ ਦਿੱਤਾ ਗਿਆ ਹੈ | ਜੀ.ਐਸ.ਸੀ. ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵੱਲੋਂ ਇਕਤਰਫ਼ਾ ਤੇ ਅਨਿਸ਼ਚਿਤ ਸਮੇਂ ਲਈ ਯਾਤਰਾ ਰੋਕ ਦੇਣ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ, ਉਹਨਾਂ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਦਾ ਲਾਂਘਾ ਖੁੱਲ੍ਹਾ ਰੱਖਿਆ ਹੋਇਆ ਹੈ | ਭਾਰਤ ਸਰਕਾਰ ਵੱਲੋਂ ਇਹ ਕੋਰੀਡੋਰ ਬੰਦ ਰੱਖਣ ਕਾਰਨ ਦੇਸ਼-ਵਿਦੇਸ਼ ਦੇ ਹਜ਼ਾਰਾਂ ਸ਼ਰਧਾਲੂ ਇਸ ਪਵਿੱਤਰ ਅਸਥਾਨ ਅਤੇ ਸ੍ਰੀ ਗੁਰੂ ਨਾਨਕ ਜੀ ਦੇ ਅਖੀਰਲੇ ਸਮੇਂ ਦੇ ਤਪਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਤੋਂ ਵਾਂਝੇ ਹੋ ਗਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੀ ਚਿੱਠੀ 'ਚ ਜੀ.ਐਸ.ਸੀ. ਨੇ ਜ਼ੋਰ ਦੇ ਕੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਦੀਨ-ਈਮਾਨ, ਅਮਨ ਤੇ ਕੌਮਾਂਤਰੀ ਭਾਈਚਾਰੇ ਦਾ ਇਤਿਹਾਸਕ ਪ੍ਰਤੀਕ ਹੈ ਤੇ ਧਾਰਮਿਕ ਯਾਤਰਾ ਨੂੰ ਕਦੇ ਵੀ ਰਾਜਨੀਤਿਕ ਤਣਾਵਾਂ ਦੀ ਭੇਟ ਨਹੀਂ ਚੜ੍ਹਾਇਆ ਜਾਣਾ ਚਾਹੀਦਾ, ਖਾਸ ਕਰਕੇ ਜਦੋਂ ਦੋਵੇਂ ਮੁਲਕਾਂ ਵਿਚਕਾਰ ਹਾਲਾਤ ਮੁੜ ਆਮ ਵਾਂਗ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸਿਰਫ਼ ਇਕ ਆਮ ਰਸਤਾ ਨਹੀਂ ਸਗੋਂ ਇਹ ਸੰਸਾਰ 'ਚ ਵਸਦੀ ਸਿੱਖ ਕੌਮ ਲਈ ਆਤਮਿਕ ਜੀਵਨ-ਰੇਖਾ ਹੈ | ਇਸ ਕਰਕੇ ਹੁਣ ਜਦੋਂ ਵੈਰ-ਵਿਰੋਧ ਠੰਢੇ ਪੈ ਚੁੱਕੇ ਹਨ ਤੇ ਅਮਨ-ਸ਼ਾਂਤੀ ਕਾਇਮ ਹੈ ਤਾਂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਜਾਣ-ਆਉਣ ਵਾਲੇ ਮਾਰਗ ਨੂੰ ਬੰਦ ਰੱਖਣ ਦਾ ਕੋਈ ਕਾਰਨ ਨਹੀਂ ਬਣਦਾ | ਇੱਥੋਂ ਤੱਕ ਕਿ ਪਾਕਿਸਤਾਨ ਦੀਆਂ ਖੇਡ ਟੀਮਾਂ ਨੂੰ ਵੀ ਭਾਰਤ ਆਉਣ ਦੀ ਮਨਜ਼ੂਰੀ ਦੇ ਦਿੱਤੀ ਹੈ | ਗਲੋਬਲ ਸਿੱਖ ਕੌਂਸਲ ਨੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਕਾਰਵਾਈ ਕਰਕੇ ਇਹ ਸਰਹੱਦ ਪਾਰਲੀ ਯਾਤਰਾ ਸਹੂਲਤ ਮੁੜ ਸ਼ੁਰੂ ਕਰਨ |

ਪਿਛਲੀ ਖ਼ਬਰ ਬਰਤਾਨੀਆ ਸਰਕਾਰ ਹੁਣ 16 ਸਾਲ ਦੀ ਉਮਰ ਤੋਂ ਦੇਵੇਗੀ ਵੋਟ ਅਧਿਕਾਰ ਅਗਲੀ ਖ਼ਬਰ ਆਪ ਆਗੂ ਪਰਮਿੰਦਰ ਸਿੰਘ ਪੰਡੋਰੀ ਦਾ ਕਵੈਂਟਰੀ ਵਿਖੇ ਨਿੱਘਾ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।