ਟੋਰਾਂਟੋ, 7 ਨਵੰਬਰ (ਹਰਜੀਤ ਸਿੰਘ ਬਾਜਵਾ)-ਓਾਟਾਰੀਓ ਖਾਲਸਾ ਦਰਬਾਰ ਗੁਰਦੁਆਰਾ ਸਾਹਿਬ ਡਿਕਸੀ ਰੋਡ ਮਿਸੀਸਾਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਦਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਾਰਾ ਦਿਨ ਗੁਰਮਿਤ ਸਮਾਗਮ ਕਰਵਾਏ ਗਏ ਜਿਸ 'ਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਤੇ ਰਾਗੀ ਜਥਿਆਂ ਵੱਲੋਂ ਹਾਜ਼ਰੀ ਭਰੀ ਗਈ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਭਾਈ ਭੁਪਿੰਦਰ ਸਿੰਘ ਤੇ ਦੂਜੇ ਗ੍ਰੰਥੀ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਆਖੰਡ ਪਾਠ ਦੇ ਭੋਗ ਪੁਆਏ ਗਏ ਤੇ ਇਹਨਾਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੱਦਾ ਦਿੱਤਾ | ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੁਰੂਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਤੇ ਸਹਾਇਕ ਸਕੱਤਰ ਭਾਈ ਸਰਬਜੀਤ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਹਾਜ਼ਰ ਸੰਗਤਾਂ ਨੂੰ ਗੁਰੂ ਘਰ ਦੇ ਸਮੂਹ ਹਜ਼ੂਰੀ ਰਾਗੀ ਜਥਿਆਂ ਭਾਈ ਅਕਾਸ਼ਦੀਪ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਦਰਸ਼ਨਜੀਤ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਕਿਰਤਨ ਸਰਵਣ ਕਰਵਾਇਆ ਜਦੋਂ ਕਿ ਪਿ੍ੰਸੀਪਲ ਗਿਆਨੀ ਗੁਰਬਚਨ ਸਿੰਘ ਵੱਲੋਂ ਕਥਾ ਵਿਚਾਰਾਂ ਅਤੇ ਗਿਆਨੀ ਅਮਨਦੀਪ ਸਿੰਘ ਭੁੱਲਾਰਾਈ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਗੁਰੂ ਸਾਹਿਬ ਦੀ ਜੀਵਨੀ ਨੂੰ ਸੰਗਤਾਂ ਸਾਹਵੇਂ ਪੇਸ਼ ਕੀਤਾ ਗਿਆ ਤੇ ਓਾਟਾਰੀਓ ਖਾਲਸਾ ਦਰਬਾਰ ਸਕੂਲ ਦੇ ਬੱਚਿਆਂ ਵੱਲੋਂ ਵੀ ਕਿਰਤਨ 'ਚ ਹਿੱਸਾ ਲਿਆ ਗਿਆ | ਇਸ ਮੌਕੇ ਜਿੱਥੇ ਸਾਰਾ ਦਿਨ ਗੁਰੂ ਕਾ ਲੰਗਰ ਅਟੁੱਟ ਵਰਤਿਆ ਉੱਥੇ ਹੀ ਪ੍ਰਬੰਧਕ ਕਮੇਟੀ ਦੇ ਵਾਈਸ ਪ੍ਰਧਾਨ ਗੁਰਿੰਦਰਜੀਤ ਸਿੰਘ ਭੁੱਲਰ, ਚੇਅਰਮੈਨ ਬਲਜੀਤ ਸਿੰਘ ਪੰਡੋਰੀ, ਖ਼ਜ਼ਾਨਚੀ ਭੁਪਿੰਦਰ ਸਿੰਘ ਬਾਠ, ਮੈਨੇਜ਼ਰ ਗੁਰਵੀਰ ਸਿੰਘ, ਨਵਜੀਤ ਸਿੰਘ, ਸਰਦਾਰਾ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ ਨਾਹਲ, ਦਵਿੰਦਰ ਸਿੰਘ ਧਾਲੀਵਾਲ ਸਮੇਤ ਸਾਰੇ ਕਮੇਟੀ ਮੈਂਬਰ ਮੌਜੂਦ ਸਨ |