ਕਰਨਾਲ, 17 ਜੁਲਾਈ (ਗੁਰਮੀਤ ਸਿੰਘ ਸੱਗੂ)-ਦੇਸ਼ ਹੀ ਨਹੀਂ ਸਗੋਂ ਪੂਰੇ ਸੰਸਾਰ ਦੇ ਸਭ ਤੋਂ ਵੱਡੇ ਆਧਿਆਤਮਿਕ ਕੇਂਦਰ ਤੇ ਸਿੱਖ ਪੰਥ ਦੇ ਸਰਵਉੱਚ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੂੰ ਉਡਾਉਣ ਦੀ ਮਿਲੀ ਧਮਕੀ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਬਹੁਤ ਹੀ ਚਿੰਤਾਜਨਕ ਦੱਸਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ 'ਚ ਪੰਜ ਵਾਰੀ ਈ-ਮੇਲ ਰਾਹੀਂ ਸ਼ਰਾਰਤੀ ਅਨਸਰਾਂ ਵਲੋਂ ਜੋ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਹ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਭਰ ਤੋਂ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ | ਇੱਥੇ ਆ ਕੇ ਲੋਕਾਂ ਨੂੰ ਗੁਰਮਤਿ ਰਾਹੀਂ ਭਾਈਚਾਰੇ ਤੇ ਸ਼ਾਂਤੀ ਦਾ ਸੁਨੇਹਾ ਮਿਲਦਾ ਹੈ | ਗੁਰੂ ਸਾਹਿਬਾਨ ਨੇ ਹਮੇਸ਼ਾ ਦੁਨੀਆ ਨੂੰ ਸ਼ਾਂਤੀ ਅਤੇ ਪਿਆਰ ਦਾ ਪਾਠ ਪੜ੍ਹਾਇਆ ਹੈ | ਜਥੇ. ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ, ਪੁਲਿਸ ਤੇ ਖੂਫੀਆ ਏਜੰਸੀਆਂ ਨੂੰ ਇਸ ਮਾਮਲੇ ਦੀ ਗੰਭੀਰ ਜਾਂਚ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਤੁਰੰਤ ਦਖਲ ਦੇ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ਰਾਰਤੀ ਤੱਤ ਪੰਜਾਬ ਤੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਪਰ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ | ਜਥੇ. ਦਾਦੂਵਾਲ ਨੇ ਅੰਤ 'ਚ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਇਸ ਸਾਜ਼ਿਸ਼ ਨੂੰ ਬੇਨਕਾਬ ਕਰਨਾ ਚਾਹੀਦੀ ਹੈ ਤੇ ਧਮਕੀ ਦੇਣ ਵਾਲੇ ਸਾਜਿਸ਼ਕਰਤਾ ਨੂੰ ਜਲਦ ਕਾਬੂ ਕਰਨਾ ਚਾਹੀਦਾ ਹੈ |