ਫ਼ਤਿਹਾਬਾਦ, 21 ਜੁਲਾਈ (ਹਰਬੰਸ ਸਿੰਘ ਮੰਡੇਰ)- ਹਰਿਆਣਾ ਸਟਾਫ਼ ਸਿਲੈੱਕਸ਼ਨ ਕਮਿਸ਼ਨ ਵਲੋਂ ਕਰਵਾਏ ਜਾਣ ਵਾਲੇ ਕਾਮਨ ਐਲੀਜਿਬਿਲੀਟੀ ਟੈੱਸਟ (ਸੀ.ਈ.ਟੀ.) ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਦੀ ਮੀਟਿੰਗ ਹੋਈ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੀਖਿਆ ਨਾਲ ਸਬੰਧਿਤ ਸਾਰੀਆਂ ਜ਼ਰੂਰੀ ਤਿਆਰੀਆਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਹ ਪ੍ਰੀਖਿਆ 26 ਅਤੇ 27 ਜੁਲਾਈ ਨੂੰ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ 'ਤੇ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪ੍ਰੀਖਿਆ ਨੂੰ ਸ਼ਾਂਤੀਪੂਰਨ ਪਾਰਦਰਸ਼ੀ ਅਤੇ ਸਫਲਤਾਪੂਰਵਕ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਮੀਦਵਾਰਾਂ ਲਈ ਸੁਰੱਖਿਆ ਤੋਂ ਲੈ ਕੇ ਮੁੱਢਲੀਆਂ ਸਹੂਲਤਾਂ ਤੱਕ ਕਿਸੇ ਵੀ ਚੀਜ਼ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 31 ਥਾਵਾਂ 'ਤੇ 38 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਢਾਲੀਆ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਪ੍ਰੀਖਿਆ ਕੇਂਦਰਾਂ 'ਤੇ ਕਾਨੂੰਨ ਵਿਵਸਥਾ ਅਤੇ ਹੋਰ ਪ੍ਰਬੰਧਾਂ ਲਈ ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਜਾਣਗੇ ਅਤੇ ਵਾਧੂ ਚੌਕਸੀ ਲਈ ਡਿਊਟੀ ਮੈਜਿਸਟਰੇਟ ਵੀ ਰਾਖਵੇਂ ਰੱਖੇ ਜਾਣਗੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਅਤੇ ਪ੍ਰੀਖਿਆ ਕੇਂਦਰਾਂ 'ਤੇ ਸਾਰੇ ਪ੍ਰਬੰਧ ਸਮੇਂ ਸਿਰ ਨੇਪਰੇ ਚਾੜ੍ਹੇ ਜਾਣ। ਡਿਪਟੀ ਕਮਿਸ਼ਨਰ ਨੇ ਜਨਰਲ ਮੈਨੇਜਰ ਰੋਡਵੇਜ਼ ਨੂੰ ਹਦਾਇਤ ਕੀਤੀ ਕਿ ਫ਼ਤਿਹਾਬਾਦ ਜ਼ਿਲ੍ਹੇ ਦੇ 5 ਬੱਸ ਅੱਡਿਆਂ ਜਿਵੇਂ ਕਿ ਟੋਹਾਣਾ, ਭੱਟੂ, ਰਤੀਆ, ਫ਼ਤਿਹਾਬਾਦ ਅਤੇ ਭੂਨਾ 'ਤੇ ਬਾਹਰੋਂ ਆਉਣ ਵਾਲੇ ਉਮੀਦਵਾਰਾਂ ਲਈ ਰਿਹਾਇਸ਼ ਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਉਮੀਦਵਾਰ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਮਨਦੀਪ ਕੌਰ ਨੇ ਸਪਸ਼ਟ ਕੀਤਾ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਨੁਚਿਤ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਤੋਂ ਪਹਿਲਾਂ ਪ੍ਰੀਖਿਆ ਕੇਂਦਰ 'ਤੇ ਪਹੁੰਚਣ ਤਾਂ ਜੋ ਪ੍ਰੀਖਿਆ ਸ਼ਾਂਤੀਪੂਰਵਕ ਅਤੇ ਸਫਲਤਾਪੂਰਵਕ ਕਰਵਾਈ ਜਾ ਸਕੇ। ਇਸ ਮੌਕੇ ਏ.ਡੀ.ਸੀ. ਅਨੁਰਾਗ, ਐਸ.ਡੀ.ਐਮ. ਰਾਜੇਸ਼ ਕੁਮਾਰ, ਸੁਰੇਸ਼ ਕੁਮਾਰ, ਡੀ.ਐਮ.ਸੀ. ਸੰਜੇ ਬਿਸ਼ਨੋਈ, ਸਿਟੀ ਮੈਜਿਸਟਰੇਟ ਗੌਰਵ ਗੁਪਤਾ, ਡੀ.ਐਸ.ਪੀ. ਜਗਦੀਸ਼ ਕਾਜਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਗੀਤਾ ਬਿਸ਼ਨੋਈ, ਰੋਡਵੇਜ਼ ਦੇ ਜੀ.ਐਮ. ਅਜੇ ਦਲਾਲ ਆਦਿ ਹਾਜ਼ਰ ਸਨ।
ਜ਼ਿਲ੍ਹੇ 'ਚ ਸੀ.ਈ.ਟੀ. ਪ੍ਰੀਖਿਆ ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈ ਜਾਵੇਗੀ-ਡੀ.ਸੀ.
ਅਜੀਤ ਡੈਸਕ
22-07-2025