17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਤਹਿਤ ਯੋਗ ਔਰਤਾਂ ਦੇ ਖਾਤਿਆਂ ਵਿਚ 1 ਨਵੰਬਰ ਤੋਂ ਜਮ੍ਹਾ ਹੋਣਗੇ 2,100 ਰੁਪਏ- ਮਨੋਹਰ ਲਾਲ <br/>

ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਕੇਂਦਰੀ ਮੰਤਰੀ ਮਨੋਹਰ ਲਾਲ | ਤਸਵੀਰ : ਗੁਰਮੀਤ ਸਿੰਘ ਸੱਗੂ <br/> 26-09-2025
ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)- ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਨੇ ਅੱਜ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਕਾਲਜ ਆਡੀਟੋਰੀਅਮ ਵਿਚ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਲਾਡੋ ਲਕਸ਼ਮੀ ਯੋਜਨਾ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਅਤੇ ਅੱਜ ਉਨ੍ਹਾਂ ਨੇ ਇਸਨੂੰ ਪੂਰਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਲਈ ਅਰਜ਼ੀਆਂ ਅੱਜ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਅਕਤੂਬਰ ਤੱਕ ਰਜਿਸਟਰ ਕਰਵਾਉਣ ਵਾਲੀਆਂ ਯੋਗ ਔਰਤਾਂ ਦੇ ਖਾਤਿਆਂ ਵਿਚ 1 ਨਵੰਬਰ ਤੋਂ 2,100 ਰੁ. ਜਮ੍ਹਾ ਹੋਣਾ ਸ਼ੁਰੂ ਹੋ ਜਾਵੇਗਾ | ਕੇਂਦਰੀ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜੈਅੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਇਕ ਮਹਾਨ ਚਿੰਤਕ, ਸਮਾਜ ਸੁਧਾਰ ਤੇ ਅੰਤਯੋਦਯ ਦੇ ਮੋਢੀ ਸਨ | ਉਨ੍ਹਾਂ ਕਿਹਾ ਕਿ ਸੇਵਾ ਪੰਦ੍ਹਰਵਾੜਾ ਹਰ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 17 ਸਤੰਬਰ ਤੋਂ ਲੈ ਕੇ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ 2 ਅਕਤੂਬਰ ਤੱਕ ਮਨਾਇਆ ਜਾਂਦਾ ਹੈ | ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਆਜ਼ਾਦੀ ਦੀ ਭਾਵਨਾ ਨੂੰ ਜਗਾਇਆ | ਉਨ੍ਹਾਂ ਨੇ ਨਾ ਸਿਰਫ਼ ਸਫਾਈ 'ਤੇ ਜ਼ੋਰ ਦਿੱਤਾ, ਬਲਕਿ ਆਪਣੇ ਆਸ਼ਰਮਾਂ ਦੀ ਖੁਦ ਸਫਾਈ ਕਰਕੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਸਫਾਈ ਪ੍ਰਤੀ ਗੰਭੀਰਤਾ ਨਹੀਂ ਦਿਖਾਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿਚ ਰਾਜਪਥ 'ਤੇ ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਭਾਰਤ ਨੂੰ ਖੁੱਲ੍ਹੇ ਵਿਚ ਸ਼ੌਚ ਮੁਕਤ ਬਣਾਉਣ ਲਈ ਹਰ ਘਰ ਵਿਚ ਪਖਾਨੇ ਬਣਾਏ ਗਏ, ਜਿਸਦਾ ਸਭ ਤੋਂ ਵੱਧ ਲਾਭ ਔਰਤਾਂ ਅਤੇ ਧੀਆਂ ਨੂੰ ਹੋਇਆ | ਉਨ੍ਹਾਂ ਕਿਹਾ ਕਿ ਇਸ ਸੇਵਾ ਪੰਦ੍ਹਰਵਾੜੇ ਦੌਰਾਨ ਰੁੱਖ ਲਗਾਉਣਾ, ਖੂਨਦਾਨ ਕੈਂਪ, ਸਿਹਤ ਜਾਂਚ ਤੇ ਟੀਬੀ ਦੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਨਿਕਸ਼ੇ ਮਿੱਤਰ ਟੀਬੀ ਦੇ ਮਰੀਜ਼ਾਂ ਨੂੰ ਗੋਦ ਲੈ ਰਹੇ ਹਨ | ਇਸ ਦੌਰਾਨ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ, ਪੰਡਿਤ ਦੀਨਦਿਆਲ ਉਪਾਧਿਆਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਘਟਨਾਵਾਂ ਦਾ ਵਰਣਨ ਕੀਤਾ | ਇਸ ਮੌਕੇ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਤੇ ਵਿਧਾਇਕ ਜਗਮੋਹਨ ਆਨੰਦ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਇਸ ਮੌਕੇ ਐਸ.ਪੀ. ਗੰਗਾ ਰਾਮ ਪੂਨੀਆ, ਏ. ਡੀ. ਐਮ. ਸੋਨੂੰ ਭੱਟ, ਨਿਗਮ ਕਮਿਸ਼ਨਰ ਡਾ. ਵੈਸ਼ਾਲੀ ਸ਼ਰਮਾ, ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰਵੀਨ ਲਾਠਰ, ਸੰਸਦ ਮੈਂਬਰ ਕਵਿੰਦਰ ਰਾਣਾ, ਐਸ. ਡੀ. ਐਮ. ਅਨੁਭਵ ਮਹਿਤਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਦੌਰ ਦੀ ਨਵੀਂ ਅਨਾਜ ਮੰਡੀ ਵਿਖੇ ਸੇਵਾ ਪੰਦ੍ਹਰਵਾੜੇ ਤਹਿਤ ਕਰਵਾਇਆ ਪ੍ਰੋਗਰਾਮ <br/> ਅਗਲੀ ਖ਼ਬਰ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ 'ਚ ਵਧ ਰਹੀ ਅਪਰਾਧ ਦਰ 'ਤੇ ਚਿੰਤਾ ਪ੍ਰਗਟਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।