ਨਾਰਾਇਣਗੜ੍ਹ, 6 ਨਵੰਬਰ (ਪੀ. ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਹਜ਼ੂਰੀ ਰਾਗੀ ਰਣਜੀਤ ਸਿੰਘ, ਮਲਕੀਤ ਸਿੰਘ, ਰਾਗੀ ਫਰਿੰਦਰ ਪਾਲ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਫਰਿੰਦਰ ਪਾਲ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਉਪਦੇਸ਼ਾਂ 'ਨਾਮ ਜਪੋ, ਕੀਰਤ ਕਰੋ ਅਤੇ ਵੰਡ ਕੇ ਛੱਕੋ' ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਦੀ ਸੰਗਤ ਕਰਨ ਦੇ ਨਾਲ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ ਤੇ ਜਦੋਂ ਗੁਰੂ ਦੀ ਕਿਰਪਾ ਹੁੰਦੀ ਹੈ ਤਾਂ ਗੁਰੂ ਦੀ ਕਿਰਪਾ ਨਾਲ ਉੱਚੀ ਆਤਮਿਕ ਅਵਸਥਾ ਮਿਲ ਜਾਂਦੀ ਹੈ ਤੇ ਉਸਦਾ ਸੁਕਾ ਕਾਠ ਹਰਾ ਹੋ ਜਾਂਦਾ ਹੈ | ਇਸ ਦੌਰਾਨ ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ ਦੀਆਂ ਸਾਖੀਆਂ ਸੁਣਾ ਕੇ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਨਾਮ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ |