ਕਾਲਾਂਵਾਲੀ/ਸਿਰਸਾ, 20 ਨਵੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਗੁਰਦੁਆਰਾ ਸਾਹਿਬ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਕੂਲ ਪੱਧਰੀ ਕੁਇਜ਼ ਮੁਕਾਬਲੇ ਵਿੱਚ ਭਾਗ ਲੈ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਚੋਰਮਾਰ ਵਿਖੇ ਸੰਤ ਬਾਬਾ ਗੁਰਪਾਲ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਸ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਕੂਲਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਭਾਈ ਗੁਰਪਿੰਦਰ ਸਿੰਘ ਚੋਰਮਾਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵੱਲੋਂ ਇਲਾਕੇ ਦੇ ਸਮੂਹ ਸਕੂਲਾਂ ਨੂੰ ਅਪੀਲ ਕੀਤੀ ਗਈ ਸੀ ਕਿ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪਵਿੱਤਰ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇ ਇਸ ਲਈ ਵਿਦਿਆਰਥੀਆਂ ਲਈ ਸਲੇਬਸ ਅਤੇ ਪ੍ਰਸ਼ਨ ਪੱਤਰ ਭੇਜੇ ਗਏ ਸਨ | ਇਸ ਮੁਹਿੰਮ ਦਾ ਸਹਿਯੋਗ ਕਰਦਿਆਂ ਖੇਤਰ ਦੇ 19 ਸਕੂਲਾਂ ਦੇ 1189 ਵਿਦਿਆਰਥੀਆਂ ਨੇ ਗੁਰੂ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ | ਗੁਰਦੁਆਰਾ ਸਾਹਿਬ ਚੋਰਮਾਰ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਪੁੱਜ ਕੇ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਨਮਾਨ ਪ੍ਰਾਪਤ ਕੀਤਾ |