ਸ਼ਾਹਕੋਟ, 14 ਜੁਲਾਈ (ਸੁਖਦੀਪ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਕਿਸੇ ਨੇ ਵੀ ਖੇਡਾਂ ਨੂੰ ਤਵੱਜੋ ਨਹੀਂ ਦਿੱਤੀ, ਜਿਸ ਕਾਰਨ ਪੰਜਾਬ 'ਚ ਨਸ਼ਿਆਂ ਦਾ ਰੁਝਾਨ ਵੱਧ ਗਿਆ ਹੈ, ਜੋ ਕਿ ਸਾਡੇ ਸਮਾਜ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ 'ਆਪ' ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਰਦਿਆਂ ਕਿਹਾ ਕਿ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਕਰੀਬ ਸਾਢੇ ਤਿੰਨ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੋਈ ਯਤਨ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜਿਥੇ 'ਵਿਸ਼ਵ ਕਬੱਡੀ ਕੱਪ' ਕਰਵਾਇਆ ਜਾਂਦਾ ਸੀ, ਉਥੇ ਹੀ ਚੰਗੇ ਖਿਡਾਰੀ ਨੂੰ ਅੱਗੇ ਆਉਣ ਤੇ ਖੇਡਾਂ ਦੇ ਖੇਤਰ 'ਚ ਨੌਕਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਜਾਂਦੇ ਸਨ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੌਜਵਾਨਾਂ ਪ੍ਰਤੀ ਗੰਭੀਰ ਹੈ ਤਾਂ ਸਰਕਾਰ ਨੂੰ ਸੂਬੇ 'ਚ ਵਿਸ਼ਵ ਕਬੱਡੀ ਕੱਪ ਸ਼ੁਰੂ ਕਰਵਾਉਣੇ ਚਾਹੀਦੇ ਹਨ ਜਿਸ ਨਾਲ ਨੌਜਵਾਨ ਅਤੇ ਪਹਿਲਵਾਨ ਅੱਗੇ ਆ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹੈ |