ਚੁਗਿੱਟੀ/ਜੰਡੂਸਿੰਘਾ, 15 ਜੁਲਾਈ (ਨਰਿੰਦਰ ਲਾਗੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਰੋਡ ਦਾ ਦੌਰਾ ਕਰ ਕੇ ਇਸ ਹਾਈਵੇ ਨੂੰ ਚੌੜਾ ਅਤੇ ਚਹੁੰਮਾਰਗੀ ਕਰਨ ਦੇ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਜਲੰਧਰ ਨਗਰ ਨਿਗਮ ਨੂੰ ਇਸ ਸੜਕ 'ਤੇ ਸੀਵਰੇਜ ਬੰਦ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਦੂਰ ਕਰਨ ਦੀ ਹਦਾਇਤ ਕੀਤੀ, ਤਾਂ ਜੋ ਮੀਂਹ ਦੇ ਪਾਣੀ ਦੀ ਢੁਕਵੀਂ ਨਿਕਾਸੀ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਉਨ੍ਹਾਂ ਵਲੋਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਨੂੰ ਵੀ ਨਹਿਰੀ ਪਾਣੀ ਪ੍ਰਾਜੈਕਟ ਤਹਿਤ ਪਾਈਪ ਲਾਈਨ ਵਿਛਾਉਣ ਤੋਂ ਬਾਅਦ ਸੜਕ ਨੂੰ ਪੱਧਰਾ ਕਰਨ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਰਾਹਗੀਰਾਂ ਨੂੰ ਇਥੋਂ ਲੰਘਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਵਲੋਂ ਸੜਕ ਦੇ ਇਸ ਹਿੱਸੇ ਨੂੰ ਸਮੇਂ ਸਿਰ ਪੂਰਾ ਕਰਨ 'ਤੇ ਜ਼ੋਰ ਦਿੱਤਾ ਗਿਆ, ਕਿਉਂਕਿ ਬਿਜਲੀ ਦੇ ਖੰਭਿਆਂ ਨੂੰ ਤਬਦੀਲ ਕਰਨ ਸਮੇਤ ਜ਼ਿਆਦਾਤਰ ਕੰਮ ਪਹਿਲਾਂ ਹੀ ਨੇਪਰੇ ਚਾੜ੍ਹੇ ਜਾ ਚੁੱਕੇ ਹਨ | ਉਨ੍ਹਾਂ ਨੇ ਲੰਮਾ ਪਿੰਡ-ਜੰਡੂਸਿੰਘਾ ਸੜਕ ਦੇ ਪੰਜ ਕਿੱਲੋਮੀਟਰ ਹਿੱਸੇ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨੂੰ ਚੌੜਾ ਕਰਨ ਨਾਲ ਆਵਾਜਾਈ ਸੌਖੀ ਹੋ ਜਾਵੇਗੀ | ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਅਤੇ ਹੁਸ਼ਿਆਰਪੁਰ ਵਿਚਕਾਰ ਆਵਾਜਾਈ ਦਾ ਪ੍ਰਵਾਹ ਸੁਚਾਰੂ ਹੋ ਜਾਵੇਗਾ, ਕਿਉਂਕਿ ਸ਼ਹਿਰੀ ਖੇਤਰ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਹੁਸ਼ਿਆਰਪੁਰ ਜਾਣ ਲਈ ਰਾਮਾਮੰਡੀ ਜਾਣ ਦੀ ਲੋੜ ਨਹੀਂ ਪਵੇਗੀ |