25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਗਿੱਦੜਪਿੰਡੀ ਤੋਂ ਫ਼ਿਲੌਰ ਤੱਕ ਸਤਲੁਜ ਦੇ ਧੁੱਸੀ ਬੰਨ੍ਹ 'ਤੇ ਬਣੇਗੀ ਪੱਕੀ ਸੜਕ- ਸੰਤ ਸੀਚੇਵਾਲ

ਅਜੀਤ ਡੈਸਕ 19-07-2025
ਸ਼ਾਹਕੋਟ/ਲੋਹੀਆਂ ਖਾਸ, 18 ਜੁਲਾਈ (ਨਗਿੰਦਰ ਸਿੰਘ ਬਾਂਸਲ, ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖ਼ਾਲਸਾ )- ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਿਸਾਨਾਂ ਸਮੇਤ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਧੁੱਸੀ ਬੰਨ੍ਹ ਦੀਆਂ ਜਿਹੜੀਆਂ ਵੀ ਨੋਚਾਂ ਸੰਵੇਦਨਸ਼ੀਲ ਹਨ, ਉਨ੍ਹਾਂ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਕੋਈ ਹੜ੍ਹ ਵਰਗੇ ਹਾਲਾਤ ਪੈਦਾ ਹੁੰਦੇ ਹਨ ਤਾਂ ਬੰਨ੍ਹ ਨੂੰ ਕੋਈ ਨੁਕਸਾਨ ਨਾ ਪਹੁੰਚੇ | ਸੰਤ ਸੀਚੇਵਾਲ ਵੱਲੋਂ ਅਧਿਕਾਰੀਆਂ ਸਮੇਤ ਦਰਿਆ ਦੇ ਨਾਲ ਲੱਗਦੇ ਪਿੰਡ ਜਿਆਣੀਆਂ, ਗੱਟਾ ਮੁੰਡੀ ਕਾਸੂ ਤੇ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਵੀ ਦਿੱਤੇ | ਇਸ ਦੌਰਾਨ ਰਾਜ ਸਭਾ ਮੈਂਬਰ ਨੇ ਦੱਸਿਆ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਧੁੱਸੀ ਬੰਨ੍ਹ 'ਤੇ ਕਈ ਸਾਲਾਂ ਤੋਂ ਪੱਕੀ ਸੜਕ ਬਣਾਉਣ ਦੀ ਜੋ ਮੰਗ ਕੀਤੀ ਜਾ ਰਹੀ ਸੀ, ਉਹ ਹੁਣ ਪੂਰੀ ਹੋਣ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਸੜਕ ਬਣਾਉਣ ਲਈ ਜਲਦ ਟੈਂਡਰ ਖੁੱਲ੍ਹ ਰਹੇ ਹਨ | ਇਸ ਦੌਰਾਨ ਸੰਤ ਸੀਚੇਵਾਲ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਦਿ੍ੜ ਸੰਕਲਪ ਹੈ ਜਿਸ ਤਹਿਤ ਰਾਜ ਸਰਕਾਰ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਵਿਚ ਅਗੇਤੇ ਪ੍ਰਬੰਧ ਯਕੀਨੀ ਬਣਾਉਣ ਲਈ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ | ਇਸ ਮੌਕੇ ਵਿਵੇਕ ਕੁਮਾਰ ਮੋਦੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਲੰਧਰ, ਐਸ.ਡੀ.ਐਮ. ਸ਼ਾਹਕੋਟ ਸ਼੍ਰੀਮਤੀ ਸ਼ੁਭੀ ਆਂਗਰਾ, ਡਰੇਨੇਜ਼ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ, ਤਹਿਸੀਲਦਾਰ ਸ਼ਾਹਕੋਟ ਮਨਿੰਦਰ ਸਿੰਘ ਸਿੱਧੂ, ਬੀ.ਡੀ.ਪੀ.ਓ. ਪਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਾਮਵਰ ਕੰਪਨੀ ਦਾ ਨਕਲੀ ਮਾਅਰਕਾ ਲਾ ਕੇ ਮੋਟਰਾਂ ਵੇਚਣ ਵਾਲਾ ਦੁਕਾਨ ਮਾਲਕ ਕਾਬੂ ਅਗਲੀ ਖ਼ਬਰ ਪ੍ਰਾਈਵੇਟ ਖਾਦ ਵਿਕਰੇਤਾ ਯੂਰੀਆ ਖਾਦ ਦੀ ਘਾਟ 'ਚ ਕਿਸਾਨਾਂ ਦੀ ਕਰ ਰਹੇ ਅੰਨ੍ਹੀ ਲੁੱਟ- ਬਲਵਿੰਦਰ ਸਿੰਘ, ਬਲਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।