ਜਲੰਧਰ, 19 ਜੁਲਾਈ (ਜਸਪਾਲ ਸਿੰਘ) - ਲਾਇਲਪੁਰ ਖ਼ਾਲਸਾ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2025-26 ਦਾ ਸ਼ੁੱਭ ਆਰੰਭ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਰਾਹੀਂ ਪਰਮਾਤਮਾ ਦੇ ਓਟ ਆਸਰੇ ਨਾਲ ਆਰੰਭ ਹੋਇਆ | ਇਸ ਮੌਕੇ ਕਾਲਜ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਵਾਈਸ-ਪ੍ਰਧਾਨ ਸ. ਦੀਪਇੰਦਰ ਸਿੰਘ ਪੁਰੇਵਾਲ, ਪਿ੍ੰਸੀਪਲ ਡਾ. ਸੁਮਨ ਚੋਪੜਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਿਰਕਤ ਕੀਤੀ | ਪ੍ਰਸਿੱਧ ਰਾਗੀ ਭਾਈ ਭੁਪਿੰਦਰ ਸਿੰਘ ਰਾਮਾ ਮੰਡੀ ਜਲੰਧਰ ਵਾਲੇ ਤੇ ਉਹਨਾਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਸ਼ਬਦਾਂ ਨੂੰ ਆਪਣੀ ਰਸਭਿੰਨੀ ਆਵਾਜ਼ ਨਾਲ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਪਿ੍ੰਸੀਪਲ ਡਾ. ਸੁਮਨ ਚੋਪੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਦੀ ਇਹ ਪਰੰਪਰਾ ਰਹੀ ਹੈ ਕਿ ਇਥੇ ਹਰ ਕੰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਆਰੰਭ ਕੀਤਾ ਜਾਂਦਾ ਹੈ | ਉਹਨਾਂ ਵਿਦਿਆਰਥੀਆਂ ਨੂੰ ਪ੍ਰੇਰਦੇ ਹੋਏ ਕਿਹਾ ਕਿ ਉਹਨਾਂ ਨੂੰ ਪੜ੍ਹਾਈ, ਖੇਡਾਂ, ਖੋਜ ਤੇ ਕਲਚਰਲ ਖੇਤਰ ਵਿੱਚ ਮਿਹਨਤ ਕਰਕੇ ਆਪਣਾ, ਆਪਣੇ ਮਾਪਿਆਂ ਦਾ ਤੇ ਕਾਲਜ ਦਾ ਨਾਂਅ ਰੌਸ਼ਨ ਕਰਨ | ਸਟੇਜ ਦੀ ਕਾਰਵਾਈ ਡਾ. ਹਰਜਿੰਦਰ ਸਿੰਘ ਸੇਖੋਂ ਨੇ ਬਾਖੂਬੀ ਨਿਭਾਈ |