ਚੁਗਿੱਟੀ/ਜੰਡੁਸਿੰਘਾ, 20 ਜੁਲਾਈ (ਨਰਿੰਦਰ ਲਾਗੂ)- ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 8ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਪ੍ਰਬੰਧਕ ਭਾਈ ਹਰਜਿੰਦਰ ਸਿੰਘ ਜੱਜ ਤੇ ਭਾਈ ਬਹਾਦਰ ਸਿੰਘ ਵੱਲੋਂ ਸਭਨਾਂ ਨੂੰ ਗੁਰੂ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਕੇ ਇਨ੍ਹਾਂ ਦਾ ਲਾਹਾ ਲਿਆ ਜਾਣਾ ਚਾਹੀਦਾ ਹੈ, ਭਗਤੀ ਮਾਰਗ 'ਤੇ ਸਫਲਤਾ ਲਈ ਚੰਗੇ ਕਾਰਜ ਕਰਨ ਪ੍ਰਤੀ ਰੁਚੀ ਵਧਾਉਣੀ ਚਾਹੀਦੀ ਹੈ | ਪ੍ਰਬੰਧਕਾਂ ਵੱਲੋਂ ਰਾਗੀ ਜਥੇ ਤੋਂ ਇਲਾਵਾ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ, ਸੁਰਿੰਦਰ ਸਿੰਘ, ਨੰਬਰਦਾਰ ਸੁਖਚੈਨ ਸਿੰਘ, ਗਿਆਨ ਸਿੰਘ ਜੱਜ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਰਿੰਕੂ, ਚਰਨ ਸਿੰਘ, ਕਸ਼ਮੀਰ ਸਿੰਘ, ਸ਼ਿੰਗਾਰਾ ਸਿੰਘ, ਜਥੇਦਾਰ ਜਸਵੰਤ ਸਿੰਘ, ਬਲਵਿੰਦਰ ਸਿੰਘ, ਰਘਬੀਰ ਸਿੰਘ ਆਦਿ ਹਾਜ਼ਰ ਸਨ |