ਮਲਸੀਆਂ, 5 ਨਵੰਬਰ (ਦਲਜੀਤ ਸਿੰਘ ਸਚਦੇਵਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਖ਼ਿਲਾਫ਼ ਚੋਣ ਜਲਸੇ ਦੌਰਾਨ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੇ ਸੂਬੇ ਦੀ ਰਾਜਨੀਤੀ ਵਿਚ ਤਣਾਅ ਪੈਦਾ ਕਰ ਦਿੱਤਾ ਹੈ | ਇਸ ਘਟਨਾ ਦੀ ਵਿਰੋਧੀ ਧਿਰਾਂ ਵਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ ਤੇ ਦਲਿਤ ਸਮਾਜ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਭਾਰਤੀ ਜਨਤਾ ਪਾਰਟੀ ਸ਼ਾਹਕੋਟ ਦੇ ਸੀਨੀਅਰ ਆਗੂ ਤੇ ਸਾਬਕਾ ਐੱਮ.ਸੀ ਕਮਲ ਨਾਹਰ ਨੇ ਇਸ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਨਿੰਦਣਯੋਗ ਹੈ ਤੇ ਇਹ ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀ ਹੈ | ਕਮਲ ਨਾਹਰ ਨੇ ਕਿਹਾ ਕਿ ਸਰਦਾਰ ਬੂਟਾ ਸਿੰਘ ਇਕ ਉੱਘੇ ਦਲਿਤ ਆਗੂ ਸਨ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿਚ ਅਹਿਮ ਯੋਗਦਾਨ ਪਾਇਆ, ਅਜਿਹੀ ਸ਼ਖ਼ਸੀਅਤ ਲਈ ਅਪਮਾਨਜਨਕ ਸ਼ਬਦ ਵਰਤਣਾ ਨਾ ਸਿਰਫ਼ ਇਕ ਵਿਅਕਤੀ ਦਾ, ਸਗੋਂ ਪੂਰੇ ਦਲਿਤ ਸਮਾਜ ਦਾ ਅਪਮਾਨ ਹੈ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ |