ਡਿਪਟੀ ਕਮਿਸ਼ਨਰ ਨੇ ਸੰਸਥਾ ਦਾ ਕੀਤਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਏ. ਐੱਲ. ਪੀ. ਐੱਨ. ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਜਾਨਵਰਾਂ ਦੀ ਭਲਾਈ ਲਈ ਕੀਤੇ ਜਾ ਸਕਣ ਵਾਲੇ ਕੰਮਾਂ ਸੰਬੰਧੀ ਤਿਆਰ ਰਿਪੋਰਟ ਕੀਤੀ ਹੈ | ਸੰਸਥਾ ਵਲੋਂ ਇਸ ਰਿਪੋਰਟ ਨੂੰ ਤਿਆਰ ਕਰਨ ਲਈ ਸਰਕਾਰੀ ਪਸ਼ੂ ਪਾਲਣ ਹਸਪਤਾਲ, ਡਿਸਪੈਂਸਰੀਆਂ ਅਤੇ ਗਊਸ਼ਾਲਾ ਦੇ ਨਾਲ-ਨਾਲ ਪ੍ਰਾਈਵੇਟ ਡੇਅਰੀ ਫਾਰਮ, ਪੋਲਟਰੀ ਫਾਰਮ, ਮੀਟ ਦੀਆਂ ਦੁਕਾਨਾਂ, ਝੀਂਗਾ ਤੇ ਮੱਛੀ ਫਾਰਮ ਆਦਿ ਦਾ ਦੌਰਾ ਕਰਕੇ ਜਾਨਵਰਾਂ ਨੂੰ ਰੱਖੇ ਜਾਣ ਵਾਲੇ ਹਾਲਾਤਾਂ ਦਾ ਵਿਸਥਾਰਤ ਸਰਵੇਖਣ ਕੀਤਾ | ਇਸ ਦੇ ਨਾਲ ਹੀ ਸੰਸਥਾ ਵਲੋਂ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾ ਸਕਣ ਵਾਲੇ ਕੰਮਾਂ 'ਤੇ ਵੀ ਰਿਪੋਰਟ ਵਿਚ ਚਾਨਣਾ ਪਾਇਆ ਗਿਆ | ਸੰਸਥਾ ਦੀ ਅਹੁਦੇਦਾਰ ਮੈਡਮ ਅਪੂਰਵਾ ਵਲੋਂ ਅੱਜ ਇਹ ਰਿਪੋਰਟ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਸੌਂਪੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਚੰਗੀ ਤੇ ਵਿਸਥਾਰਤ ਰਿਪੋਰਟ ਤਿਆਰ ਕਰਨ ਲਈ ਸੰਸਥਾ ਦਾ ਧੰਨਵਾਦ ਕੀਤਾ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਵੀ ਕੀਤੀ | ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਜਾਨਵਰਾਂ ਦੀ ਭਲਾਈ ਇਕ ਅਹਿਮ ਮੁੱਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਰੇ ਸੰਬੰਧਿਤ ਵਿਭਾਗਾਂ ਨੂੰ ਇਸ ਕੰਮ ਲਈ ਸੰਜੀਦਗੀ ਨਾਲ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਭ ਤੋਂ ਅਹਿਮ ਕੰਮ ਡੇਅਰੀ ਵਿਕਾਸ ਵਿਭਾਗ ਨੂੰ ਡੇਅਰੀ ਜਾਂ ਜਾਨਵਰਾਂ ਨਾਲ ਸੰਬੰਧਿਤ ਕੋਈ ਵੀ ਫਾਰਮ ਸਥਾਪਤ ਕਰਨ ਲਈ ਦਿੱਤੀ ਜਾਣ ਵਾਲੀ ਸਿਖਲਾਈ ਮੌਕੇ ਜਾਨਵਰਾਂ ਦੀ ਭਲਾਈ ਨੂੰ ਵੀ ਸਿਲੇਬਸ ਵਿਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਿਪੋਰਟ ਵਿਚ ਦਰਸਾਏ ਤਰੀਕਿਆਂ ਦੀ ਇੰਨ-ਬਿੰਨ ਪਾਲਣਾ ਕਰਕੇ ਜਾਨਵਰਾਂ ਲਈ ਨਸਬੰਦੀ ਪ੍ਰੋਗਰਾਮ ਤਿਆਰ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼ਿਵਾਂਸ ਅਸਥਾਨਾ, ਐੱਸ.ਡੀ.ਐੱਮ. ਬਲਜੀਤ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਣ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਸਹੋਤਾ, ਏ.ਐੱਲ.ਪੀ.ਐੱਨ. ਸੰਸਥਾ ਤੋਂ ਮੈਡਮ ਅਪੂਰਵਾ ਅਤੇ ਹੋਰ ਅਹੁਦੇਦਾਰ ਅਤੇ ਸਮਾਜ ਸੇਵੀ ਹਾਜ਼ਰ ਸਨ |
ਏ. ਐੱਲ. ਪੀ. ਐੱਨ. ਵਲੋਂ ਜਾਨਵਰਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਰਿਪੋਰਟ ਤਿਆਰ
ਅਜੀਤ ਡੈਸਕ
16-07-2025