15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਐੱਸ. ਡੀ. ਐੱਮ. ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 17-07-2025
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ | ਉੱਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ | ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਵਿਚ ਆਉਣ ਵਾਲੇ ਲੋਕਾਂ ਲਈ ਟ੍ਰੈਫ਼ਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਿਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫ਼ਿਕ ਦੀ ਸਮੱਸਿਆ ਨਾ ਆਵੇ | ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਹਨ ਤਾਂ ਉਨ੍ਹਾਂ ਕਸਿਆ ਜਾਵੇ | ਉਨ੍ਹਾਂ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਮੁੱਚੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ, ਜ਼ਿਲ੍ਹਾ ਮੰਡੀ ਬੋਰਡ, ਖੇਡ ਵਿਭਾਗ, ਜਲ ਸਪਲਾਈ ਤੇ ਖ਼ੁਰਾਕ ਸਪਲਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੁਲਤਾਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪਾਣੀ ਦੀ ਨਿਕਾਸੀ ਲਈ ਚੱਲ ਰਿਹਾ ਪਾਈਪ ਲਾਈਨ ਦਾ ਕੰਮ ਅੱਧ ਵਿਚਕਾਰ ਛੱਡਿਆ ਅਗਲੀ ਖ਼ਬਰ ਪੁਲਿਸ ਨੇ ਜ਼ਿਲ੍ਹਾ ਜੇਲ੍ਹ ਵਿਖੇ ਸਰਚ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।