ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਅਗਸਤ ਮਹੀਨੇ ਵਿਚ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ 64 ਪਿੰਡਾਂ ਦੇ ਵੱਖ-ਵੱਖ ਸਕੂਲਾਂ ਨਾਲ ਸੰਬੰਧਿਤ ਕਰੀਬ 15 ਹਜ਼ਾਰ ਬੱਚੇ ਭਾਗ ਲੈਣਗੇ | ਇਸ ਸੰਬੰਧੀ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਕਾਲਾ ਸੋਢੀ ਨੇ ਕਿਹਾ ਕਿ ਸੰਸਥਾ ਵਲੋਂ ਇਹ ਉਪਰਾਲਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਬਚਪਨ ਤੋਂ ਹੀ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਸਕੇ ਅਤੇ ਉਹ ਵੱਖ-ਵੱਖ ਬੁਰਾਈਆਂ ਤੋਂ ਬਚ ਸਕਣ | ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਜਪੁਜੀ ਸਾਹਿਬ ਦੇ ਅਰਥਾਂ ਸਮੇਤ ਕਿਤਾਬ ਵੱਖ-ਵੱਖ ਸਕੂਲਾਂ 'ਚ ਜਾ ਕੇ ਬੱਚਿਆਂ ਵਿਚ ਵੰਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਬੱਚੇ ਨੂੰ ਸਵਾ ਲੱਖ ਰੁਪਏ, ਦੂਜਾ ਸਥਾਨ ਹਾਸਿਲ ਕਰਨ ਵਾਲੇ ਨੂੰ ਇਕ ਲੱਖ ਰੁਪਏ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਨੂੰ 75 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ | ਇਸ ਤੋਂ ਇਲਾਵਾ ਸਾਰੇ ਪ੍ਰਤੀਭਾਗੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਅਕੈਡਮੀ ਦੀ ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਦੀ ਦੇਖ-ਰੇਖ ਵਿਚ ਬੱਚਿਆਂ ਨੂੰ ਇਨ੍ਹਾਂ ਮੁਕਾਬਲਿਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਗਭਿੰਦਰ ਸਿੰਘ ਅਤੇ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |