ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪੰਚਾਂ ਦੀ ਉੱਪ ਚੋਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਪੰਚਾਂ ਦੀਆਂ ਉੱਪ ਚੋਣਾਂ ਲਈ ਪ੍ਰਸ਼ਾਸਨਿਕ ਤੇ ਪੁਲਿਸ ਦੇ ਪੱਧਰ 'ਤੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦਾਨਾ, ਸੁਰੱਖਿਅਤ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲੋੜੀਂਦੇ ਕਰਮਚਾਰੀ ਸਮੇਤ ਰਿਜ਼ਰਵ ਸਟਾਫ਼ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ 'ਤੇ ਆਧਾਰਿਤ ਟੀਮਾਂ ਵਲੋਂ ਪੂਰੀ ਮੁਸਤੈਦੀ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਡੀ.ਸੀ. ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੰਚਾਂ ਦੀਆਂ 20 ਆਸਾਮੀਆਂ ਖ਼ਾਲੀ ਹਨ ਅਤੇ ਇਨ੍ਹਾਂ ਖ਼ਾਲੀ ਆਸਾਮੀਆਂ ਨੂੰ ਭਰਨ ਲਈ ਹੀ ਰਾਜ ਚੋਣ ਕਮਿਸ਼ਨ ਨੇ ਉੱਪ ਚੋਣਾਂ ਦਾ ਸ਼ਡਿਊਲ ਐਲਾਨਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਾਰੀਕ 17 ਜੁਲਾਈ (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਤੇ ਉਮੀਦਵਾਰੀ ਵਾਪਸ ਲੈਣ ਦੀ ਆਖ਼ਰੀ ਤਾਰੀਕ 19 ਜੁਲਾਈ (ਸ਼ਾਮ 3 ਵਜੇ ਤੱਕ) ਹੋਵੇਗੀ | ਵੋਟਿੰਗ 27 ਜੁਲਾਈ (ਐਤਵਾਰ) ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਬਲਜੀਤ ਕੌਰ ਸਮੇਤ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |