23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ

ਅਜੀਤ ਡੈਸਕ 22-07-2025
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਾ. ਅਖਿਲ ਚੌਧਰੀ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਵਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ 48 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਹ ਜਾਂਚ ਮੁਹਿੰਮ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਦੇ ਇਲਾਕਿਆਂ 'ਚ ਚਲਾਈ ਗਈ | ਇਸ ਮੌਕੇ ਨਵੀਨ ਕੁਮਾਰ ਡੀ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ, ਅਵਤਾਰ ਸਿੰਘ ਰਾਜਪਾਲ ਡੀ. ਐੱਸ. ਪੀ. ਗਿੱਦੜਬਾਹਾ, ਜਸਪਾਲ ਸਿੰਘ ਡੀ. ਐੱਸ. ਪੀ. ਲੰਬੀ, ਇਕਬਾਲ ਸਿੰਘ ਮਲੋਟ ਜ਼ਿਲ੍ਹੇ ਦੇ ਸਮੂਹ ਮੁੱਖ ਅਫ਼ਸਰਾਂ ਥਾਣਾ ਤੋਂ ਇਲਾਵਾ 110 ਪੁਲਿਸ ਅਧਿਕਾਰੀ/ਕਰਮਚਾਰੀ ਅਤੇ ਡਰੱਗ ਇੰਸਪੈਕਟਰਾਂ ਦੀਆਂ ਟੀਮਾਂ ਨੇ ਭਾਗ ਲਿਆ | ਟੀਮਾਂ ਨੇ ਮੈਡੀਕਲ ਸਟੋਰਾਂ 'ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪਰਚੀ ਲਿਖ਼ਤ, ਮਾਨਤਾ ਪ੍ਰਾਪਤ ਲਾਇਸੰਸ, ਵਿਸ਼ੇਸ਼ ਤੌਰ 'ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਜਾਂਚਿਆ | ਚੈਕਿੰਗ ਟੀਮਾਂ ਨੇ ਕੁਝ ਥਾਵਾਂ 'ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ ਅਤੇ ਨਾਲ ਹੀ ਦਵਾਈਆਂ ਦੀ ਮਿਆਦ, ਪੈਕਿੰਗ ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ | ਇਹ ਚੈਕਿੰਗ ਸਿਰਫ਼ ਨਿਯਮਾਂ ਦੀ ਉਲੰਘਣਾ ਦੀ ਜਾਂਚ ਤੱਕ ਸੀਮਿਤ ਨਹੀਂ ਸੀ, ਸਗੋਂ ਇਸ ਦਾ ਮਕਸਦ ਜ਼ਿਲ੍ਹੇ ਵਿਚ ਨਸ਼ਿਆਂ ਦੀ ਉਪਲਬਧਤਾ 'ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਮੈਡੀਕਲ ਸਟੋਰਾਂ ਨੂੰ ਵੀ ਸੂਚਿਤ ਕਰਨਾ ਸੀ ਕਿ ਅਗਲੇ ਦਿਨਾਂ 'ਚ ਹੋਰ ਵੀ ਇਸ ਤਰ੍ਹਾਂ ਦੀਆਂ ਜਾਂਚਾਂ ਹੋਣਗੀਆਂ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਚੈਕਿੰਗ ਦੌਰਾਨ ਸਾਰਿਆਂ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਰੇਲਵੇ ਪਟੜੀ ਨੇ ਪਿੰਡ ਤੇ ਸ਼ਹਿਰ ਨੂੰ ਦੋ ਹਿੱਸਿਆਂ 'ਚ ਵੰਡਿਆ ਅਗਲੀ ਖ਼ਬਰ ਦੋਦਾ ਦੀ ਨਵੀਂ ਬਣੀ ਸੜਕ ਦੀ ਹਾਲਤ ਹੋਈ ਤਰਸਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।