ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਜਵਾਹਰੇਵਾਲਾ ਦੀ ਅਨਾਜ ਮੰਡੀ ਵਿਚ ਹੋਏ ਝਗੜੇ ਨੂੰ ਲੈ ਕੇ ਐਡਵੋਕੇਟ ਹਰਮਨਦੀਪ ਸਿੰਘ ਸੰਧੂ 'ਤੇ ਮਾਮਲਾ ਦਰਜ ਕਰਨ ਦੇ ਮਾਮਲੇ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਹੜਤਾਲ ਜਾਰੀ ਹੈ | ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਇਹ ਹੜਤਾਲ ਉਸ ਸਮੇਂ ਤੱਕ ਜਾਰੀ ਰਹੇਗੀ, ਜਦੋਂ ਤੱਕ ਐਡਵੋਕੇਟ ਹਰਮਨਦੀਪ ਸਿੰਘ ਸੰਧੂ ਦੇ ਮਾਮਲੇ ਵਿਚ ਨਿਆਂ ਨਹੀਂ ਮਿਲਦਾ ਅਤੇ ਗ਼ਲਤੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਸਹੀ ਕਾਰਵਾਈ ਨਹੀਂ ਕੀਤੀ ਜਾਂਦੀ | ਬਾਰ ਐਸੋਸੀਏਸ਼ਨ ਨੇ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਅਤੇ ਦੋਸ਼ ਲਾਇਆ ਕਿ ਪੁਲਿਸ ਵਲੋਂ ਆਪਣਾ ਗੈਰ ਜ਼ਿੰਮੇਵਾਰਾਨਾ ਤੇ ਪੱਖਪਾਤੀ ਵਿਵਹਾਰ ਜਾਰੀ ਰੱਖਿਆ ਗਿਆ ਹੈ | ਬਾਰ ਐਸੋਸੀਏਸ਼ਨ ਪੁਲਿਸ ਅਧਿਕਾਰੀਆਂ ਵਲੋਂ ਅਪਣਾਏ ਜਾ ਰਹੇ ਵਤੀਰੇ ਦੀ ਸਖ਼ਤ ਨਿਖੇਧੀ ਕਰਦੀ ਹੈ | ਬੁਲਾਰੇ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨਿਆਂ ਦੀ ਪ੍ਰਾਪਤੀ, ਕਾਨੂੰਨੀ ਭਾਈਚਾਰੇ ਦੀ ਇੱਜ਼ਤ, ਸੁਰੱਖਿਆ ਤੇ ਮਰਿਆਦਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਇਕਜੁੱਟ ਹੈ | ਉਨ੍ਹਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਏਕਤਾ ਬਰਕਰਾਰ ਰੱਖਣ ਅਤੇ ਅਦਾਲਤੀ ਕੰਮਾਂ ਤੋਂ ਦੂਰ ਰਹਿਣ, ਜਦ ਤੱਕ ਨਿਆਂ ਨਹੀਂ ਮਿਲਦਾ | ਵਰਨਣਯੋਗ ਹੈ ਕਿ ਦੋਵੇਂ ਧਿਰਾਂ ਦੇ ਜ਼ਖ਼ਮੀ ਵਿਅਕਤੀ ਇਲਾਜ ਲਈ ਹਸਪਤਾਲਾਂ ਵਿਚ ਦਾਖ਼ਲ ਹੋਏ ਹਨ | ਦੂਜੀ ਧਿਰ ਦੇ ਵਿਅਕਤੀ ਵਲੋਂ ਵੀਡੀਓ ਜਾਰੀ ਕਰਕੇ ਕਿਹਾ ਗਿਆ ਹੈ ਕਿ ਵਕੀਲ ਭਾਈਚਾਰਾ ਇਸ ਝਗੜੇ ਸੰਬੰਧੀ ਪਿੰਡ ਵਿਚ ਪਹੁੰਚ ਕਰਕੇ ਡੂੰਘਾਈ ਨਾਲ ਪੜਤਾਲ ਕਰੇ | ਉਨ੍ਹਾਂ ਕਿਹਾ ਕਿ ਇਸ ਝਗੜੇ ਵਿਚ ਅਸੀਂ ਵੀ ਇਨਸਾਫ਼ ਦੀ ਮੰਗ ਕਰ ਰਹੇ ਹਾਂ |