ਗਿੱਦੜਬਾਹਾ, 19 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪੱਤਰਕਾਰ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਇਨਸਾਫ਼ ਮੋਰਚੇ ਦੇ ਸੱਦੇ 'ਤੇ ਪੱਤਰਕਾਰ ਭਾਈਚਾਰੇ ਵਲੋਂ ਗਿੱਦੜਬਾਹਾ ਵਿਖੇ ਕੀਤੇ ਰੋਸ ਮੁਜ਼ਾਹਰੇ ਉਪਰੰਤ ਸੂਬਾ ਸਰਕਾਰ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਪੁਤਲਾ ਫ਼ੂਕਿਆ ਗਿਆ | ਸਥਾਨਕ ਕਪਾਹ ਮੰਡੀ 'ਚ ਪੱਤਰਕਾਰਾਂ ਤੋਂ ਇਲਾਵਾ ਸਿਆਸੀ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪਹੁੰਚੇ | ਵੱਖ-ਵੱਖ ਬੁਲਾਰਿਆਂ ਨੇ ਪੱਤਰਕਾਰ ਰਣਜੀਤ ਸਿੰਘ ਗਿੱਲ ਦੀ ਹੋਈ ਕੁੱਟਮਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਫ਼ਕਰਸਰ ਦੀ ਅਨਾਜ ਮੰਡੀ 'ਚ ਇਕ ਵਿਅਕਤੀ ਵਲੋਂ ਆਪਣੇ ਸਾਥੀਆਂ ਸਮੇਤ ਪੱਤਰਕਾਰ ਦੀ ਕੁੱਟਮਾਰ ਕੀਤੀ ਗਈ, ਪਰ ਪੁਲਿਸ ਵਲੋਂ ਮਾਮੂਲੀ ਧਾਰਾਵਾਂ ਲਗਾ ਕੇ ਪਰਚਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ 'ਤੇ ਕਥਿਤ ਦੋਸ਼ੀਆਂ ਦੀ ਮਦਦ ਕਰਨ ਦੇ ਵੀ ਦੋਸ਼ ਲਗਾਏ | ਸੀਨੀਅਰ ਪੱਤਰਕਾਰ ਬਖਤੌਰ ਸਿੰਘ ਢਿੱਲੋਂ ਬਠਿੰਡਾ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਅਕਸਰ ਹੀ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਇਆ ਜਾਂਦਾ ਰਿਹਾ ਹੈ | ਤਾਜ਼ਾ ਮਾਮਲੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜੋ ਮਾਮਲਾ ਦਰਜ ਕੀਤਾ ਗਿਆ ਹੈ, ਉਸ ਨਾਲ ਪੱਤਰਕਾਰ ਭਾਈਚਾਰਾ ਸੰਤੁਸ਼ਟ ਨਹੀਂ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਬਣਦੀਆਂ ਧਾਰਾਵਾਂ 'ਚ ਵਾਧਾ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਂਦਾ ਹੈ | ਜੇਕਰ ਅਜਿਹਾ ਨਾ ਕੀਤਾ ਤਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਭਰਵਾਂ ਇਕੱਠ ਕੀਤਾ ਜਾਵੇਗਾ ਤੇ ਸਖ਼ਤ ਐਕਸ਼ਨ ਲਿਆ ਜਾਵੇਗਾ | ਸਟੇਜ ਸੰਚਾਲਕ ਦੀ ਭੂਮਿਕਾ ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਨੇ ਨਿਭਾਈ | ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਅਮਿਤੋਜ ਮਾਨ, ਸ਼ੁੱਭਦੀਪ ਸਿੰਘ ਬਿੱਟੂ ਜ਼ਿਲ੍ਹਾ ਕਾਂਗਰਸ ਪ੍ਰਧਾਨ, ਨਰਿੰਦਰ ਮੁੰਜਾਲ ਬਿੰਟਾ ਅਰੋੜਾ ਨਗਰ ਕੌਂਸਲ ਪ੍ਰਧਾਨ, ਦੀਪਕ ਗਰਗ, ਵਰਕਿੰਗ ਜਰਨਲਿਸਟ ਐਸੋਸੀਏਸ਼ਨ ਮਲੋਟ, ਪ੍ਰੈੱਸ ਕਲੱਬ ਦੋਦਾ, ਪ੍ਰੈੱਸ ਕਲੱਬ ਰਾਮਪੁਰਾ, ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ, ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਕਿਯੂ (ਰਾਜੇਵਾਲ), ਪੰਜਾਬ ਸਟੂਡੈਂਟ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਮਾਲਵਾ ਟੀਮ ਐਂਟੀ ਕੁਰੱਪਸ਼ਨ ਆਦਿ ਆਗੂ ਪਹੁੰਚੇ |
-ਮਾਮਲਾ ਪੱਤਰਕਾਰ ਦੀ ਕੁੱਟਮਾਰ ਦਾ- <br> ਸਮੂਹ ਪੱਤਰਕਾਰ ਭਾਈਚਾਰੇ ਨੇ ਸੂਬਾ ਸਰਕਾਰ ਤੇ ਕੈਬਨਿਟ ਮੰਤਰੀ ਦਾ ਪੁਤਲਾ ਫ਼ੂਕਿਆ
ਅਜੀਤ ਡੈਸਕ
20-11-2025