ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ 'ਚ ਬਲਾਕ ਸੰਮਤੀ ਜ਼ੋਨ ਬੂੜਾ ਗੁੱਜਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਗੁਰਵਿੰਦਰ ਕੌਰ ਸੰਧੂ ਸਾਬਕਾ ਚੇਅਰਪ੍ਰਸਨ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਚੋਣ ਲੜ ਰਹੇ ਹਨ | ਉਨ੍ਹਾਂ ਦੀ ਚੋਣ ਮੁਹਿੰਮ ਦੀ ਕਮਾਨ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ ਸ੍ਰੀ ਮੁਕਤਸਰ ਸਾਹਿਬ ਸੰਭਾਲ ਰਹੇ ਹਨ | ਉਨ੍ਹਾਂ ਦੇ ਹੱਕ 'ਚ ਕਾਂਗਰਸ ਪਾਰਟੀ ਵਲੋਂ ਪਿੰਡ ਬੂੜਾ ਗੁੱਜਰ, ਕੋਟਲੀ ਦੇਵਨ ਤੇ ਸਦਰਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਉਨ੍ਹਾਂ ਦੇ ਹੱਕ ਵਿਚ ਸ਼ਰਨਜੀਤ ਸਿੰਘ ਸੰਧੂ ਤੋਂ ਇਲਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ ਸੋਥਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਇਨ੍ਹਾਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਉਮੀਦਵਾਰ ਗੁਰਵਿੰਦਰ ਕੌਰ ਸੰਧੂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ 'ਚ ਚੋਣ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਬਦਲ ਵਜੋਂ ਕਾਂਗਰਸ ਦਾ ਸਾਥ ਦੇ ਰਹੇ ਹਨ |