ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਸੂਬੇ ਭਰ 'ਚ 90 ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਤੋਂ ਬਿਨ੍ਹਾਂ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ 'ਚ ਵੀ ਵੱਡੀ ਗਿਣਤੀ 'ਚ ਲਗਭਗ ਸਾਰਾ ਸਾਲ ਕੰਪਿਊਟਰ ਅਧਿਆਪਕਾਂ ਤੋਂ ਕੰਮ ਲਿਆ ਜਾਂਦਾ ਹੈ | ਇਸ ਦੇ ਬਾਵਜੂਦ ਵੀ ਜੇਕਰ ਅਧਿਆਪਕ ਆਪਣੀਆਂ ਸਮੱਸਿਆਵਾਂ ਸੰਬੰਧੀ ਚੋਣ ਅਧਿਕਾਰੀਆਂ ਨਾਲ ਰਾਬਤਾ ਕਰਦੇ ਹਨ, ਤਾਂ ਸਮੱਸਿਆ ਦਾ ਢੁਕਵਾਂ ਹੱਲ ਕੱਢਣ ਦੀ ਬਜਾਏ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਧਿਆਪਕ ਆਗੂਆਂ ਨੂੰ ਧਮਕਾਇਆ ਜਾਂਦਾ ਹੈ | ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਆਰ.ਟੀ.ਓ. ਕਮ ਰਿਟਰਨਿੰਗ ਅਫ਼ਸਰ ਵਲੋਂ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਡੀ.ਟੀ.ਐੱਫ਼. ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਕਿਹਾ ਕਿ ਅਫ਼ਸਰਸ਼ਾਹੀ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਦੇ ਲੋੜਵੰਦ ਤੇ ਗ਼ਰੀਬ ਵਿਦਿਆਰਥੀਆਂ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ | ਇਕ ਪਾਸੇ ਸੂਬੇ ਦਾ ਮੁੱਖ ਮੰਤਰੀ ਵਿਧਾਨ ਸਭਾ ਵਿਚ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਗ਼ੈਰ ਵਿਦਿਅਕ ਕੰਮ ਨਾ ਲੈਣ ਦੇ ਦਾਅਵੇ ਕਰਦੇ ਹਨ, ਪਰ ਦੂਜੇ ਪਾਸੇ ਅਫ਼ਸਰਸ਼ਾਹੀ ਵਲੋਂ ਮਨਮਰਜ਼ੀ ਨਾਲ ਵੱਡੀ ਗਿਣਤੀ 'ਚ ਕੇਵਲ ਅਧਿਆਪਕਾਂ ਨੂੰ ਹੀ ਗ਼ੈਰ ਵਿਦਿਅਕ ਕੰਮਾਂ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ | ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਸਿੰਘ ਖੋਖਰ, ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਜਾਰੀ ਨੋਟਿਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਭਰ ਵਿਚ ਤੇਜ ਸੰਘਰਸ਼ ਕੀਤਾ ਜਾਵੇਗਾ | ਇਸ ਸਮੇਂ ਕੁਲਦੀਪ ਸ਼ਰਮਾ ਖੁੱਡੀਆਂ, ਗੁਰਪ੍ਰੀਤ ਸਿੰਘ ਲੰਬੀ, ਤਰਸੇਮ ਸਿੰਘ ਵਣਵਾਲਾ, ਗੁਰਵਰਿਆਮ ਸਿੰਘ ਸਰਾਵਾਂ, ਚਰਨਜੀਤ ਸਿੰਘ ਅਟਵਾਲ, ਸੁਖਜੀਤ ਸਿੰਘ ਥਾਂਦੇਵਾਲਾ, ਕੁਲਵਿੰਦਰ ਸਿੰਘ ਗੁਲਾਬੇਵਾਲਾ, ਰਵਿੰਦਰ ਰਵੀ, ਰਵੀ ਸ਼ਰਮਾ ਆਦਿ ਹਾਜ਼ਰ ਸਨ |