ਮਾਨਸਾ, 16 ਜੁਲਾਈ (ਰਾਵਿੰਦਰ ਸਿੰਘ ਰਵੀ)-ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬੇਹੱਦ ਗੰਭੀਰ ਹੈ ਅਤੇ ਇਸ ਸਾਲ ਜ਼ਿਲ੍ਹੇ 'ਚ ਪਰਾਲੀ ਅੱਗ ਲਗਾਉਣ ਦੀਆਂ ਘਟਨਾਵਾਂ ਜ਼ੀਰੋ ਕਰਨ ਦਾ ਟੀਚਾ ਮਿਥਿਆ ਗਿਆ ਹੈ | ਇਹ ਜਾਣਕਾਰੀ ਕਾਲਾ ਰਾਮ ਕਾਂਸਲ ਐੱਸ.ਡੀ.ਐੱਮ. ਮਾਨਸਾ ਨੇ ਉਦਯੋਗਿਕ ਇਕਾਈਆਂ ਅਤੇ ਬੇਲਰ ਮਾਲਕਾਂ ਨਾਲ ਇਕੱਤਰਤਾ ਮੌਕੇ ਦਿੱਤੀ | ਉਨ੍ਹਾਂ ਕਿਹਾ ਕਿ ਦੋਵਾਂ ਨੂੰ ਆਪਸੀ ਤਾਲਮੇਲ ਬਣਾ ਕੇ ਚੱਲਣ ਦੀ ਲੋੜ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ 8.5 ਲੱਖ ਮੀਟਰਿਕ ਟਨ ਪਰਾਲੀ ਹੋਣ ਦੀ ਸੰਭਾਵਨਾ ਹੈ | ਐਕਸ਼ਨ ਪਲਾਨ ਅਨੁਸਾਰ 5.5 ਲੱਖ ਮੀਟਰਿਕ ਟਨ ਝੋਨੇ ਦੀ ਪਰਾਲੀ ਦਾ ਐਕਸ ਸੀਟੂ ਤਕਨੀਕ ਨਾਲ ਅਤੇ 3.5 ਲੱਖ ਮੀਟਰਿਕ ਟਨ ਨੂੰ ਇਨ ਸਿਟੂ ਤਕਨੀਕ ਨਾਲ ਪ੍ਰਬੰਧ ਕੀਤਾ ਜਾਵੇਗਾ | ਉਨ੍ਹਾਂ ਬੇਲਰ ਮਾਲਕਾਂ ਨੂੰ ਕਿਹਾ ਕਿ ਆਪਣੇ ਆਪਣੇ ਬੇਲਰਾਂ ਨੂੰ ਵੱਧ ਤੋਂ ਵੱਧ ਆਪਣੇ ਪਿੰਡਾਂ ਦੇ ਆਲੇ ਦੁਆਲੇ ਚਲਾ ਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਮਦਦ ਕਰਨ | ਉਨ੍ਹਾਂ ਕਿਹਾ ਕਿ ਬੇਲਰ ਮਾਲਕ ਅਤੇ ਪਰਾਲੀ ਪ੍ਰਬੰਧਨ ਸਬੰਧੀ ਉਦਯੋਗਪਤੀ ਵਾਤਾਵਰਨ ਦੇ ਰਖਵਾਲੇ ਦੇ ਤੌਰ 'ਤੇ ਕੰਮ ਕਰ ਰਹੇ ਹਨ | ਇਸ ਮੌਕੇ ਡਾ. ਚਮਨਦੀਪ ਸਿੰਘ, ਇੰਜ. ਸਾਹਿਲ ਗੋਇਲ, ਬਲਜੀਤ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ |