ਸਰਦੂਲਗੜ੍ਹ, 19 ਜੁਲਾਈ (ਜੀ. ਐਮ. ਅਰੋੜਾ)-ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਹਲਕੇ ਦੇ ਪਿੰਡ ਮੀਰਪੁਰ ਖ਼ੁਰਦ, ਢਾਣੀ ਫੂਸ ਮੰਡੀ ਤੇ ਪਿੰਡ ਟਿੱਬੀ ਹਰੀ ਸਿੰਘ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਵਿਰੋਧੀ ਮੀਟਿੰਗਾਂ ਕੀਤੀਆਂ ਗਈਆਂ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਹਰ ਨਾਗਰਿਕ ਨੂੰ ਆਪਣਾ ਫ਼ਰਜ਼ ਸਮਝਦਿਆਂ ਸਹਿਯੋਗ ਕਰਨਾ ਚਾਹੀਦਾ ਹੈ | ਵਿਧਾਇਕ ਨੇ ਕਿਹਾ ਕਿ ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ 'ਚ ਮਾਹਿਰਾਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਨਸ਼ਾ ਨਾ ਕਰਨ ਤੇ ਨਾ ਹੀ ਵਿਕਣ ਦੇਣ ਦੀ ਸਹੁੰ ਵੀ ਚੁਕਾਈ | ਇਸ ਮੌਕੇ ਸਰਪੰਚ, ਪੰਚਾਇਤ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |