ਮਾਨਸਾ, 19 ਨਵੰਬਰ (ਸੱਭਿ.ਪ੍ਰਤੀ.)- ਨੇੜਲੇ ਪਿੰਡ ਨੰਗਲ ਕਲਾਂ ਦੀ ਪੰਚਾਇਤ ਵਲੋਂ ਪਿਛਲੇ ਦਿਨ ਨਸ਼ੇ ਦੀ ਰੋਕਥਾਮ ਲਈ ਨਸ਼ਾ ਤਸਕਰਾਂ ਦੇ ਘਰਾਂ 'ਚ ਤਲਾਸ਼ੀ ਦੌਰਾਨ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨਸ਼ੇ ਦਾ ਧੰਦਾ ਬੰਦ ਨਾ ਕੀਤਾ ਤਾਂ ਸਖ਼ਤ ਸਜਾ ਦਿੱਤੀ ਜਾਵੇਗੀ | ਪੰਚਾਇਤ ਦੀ ਧਮਕੀ ਅੱਗੇ ਨਸ਼ਾ ਤਸਕਰ ਨੇ ਮੁਆਫ਼ੀ ਮੰਗਦਿਆਂ ਕਿਹਾ ਕਿ ਉਹ ਅਜਿਹਾ ਕੰਮ ਨਹੀਂ ਕਰੇਗਾ | ਸਰਪੰਚ ਰੇਸ਼ਮ ਸਿੰਘ, ਜੋਗਿੰਦਰ ਸਿੰਘ ਤੇ ਅਵਤਾਰ ਸਿੰਘ ਨੇ ਕਿਹਾ ਕਿ ਪਿੰਡ 'ਚ ਕੁਝ ਨੌਜਵਾਨ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਜਿਨ੍ਹਾਂ ਨੂੰ ਤਾੜਨਾ ਕੀਤੀ ਗਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਇਕ ਪਾਸੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਢੰਡੋਰਾ ਪਿੱਟ ਰਹੀ ਹੈ ਪਰ ਦੂਜੇ ਪਾਸੇ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਮੰਗ ਕੀਤੀ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਉੱਧਰ ਬੂਟਾ ਸਿੰਘ ਗਿੱਲ ਡੀ.ਐਸ.ਪੀ. ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਨੰਗਲ ਕਲਾਂ 'ਚ ਹੁਣ ਤੱਕ ਉਕਤ ਮੁਹਿੰਮ ਤਹਿਤ 30 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਜੇਲ੍ਹ ਭੇਜਿਆ ਜਾ ਚੁੱਕਿਆ ਹੈ | ਡੀ.ਐਸ.ਪੀ. ਗਿੱਲ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |